ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਦੇਸੀ ਪਿਸਤੌਲ ਸਮੇਤ 2 ਕਾਬੂ, 3 ਫਰਾਰ
Friday, Jul 26, 2024 - 04:44 PM (IST)
ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਨੇ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ 30 ਬੋਰ ਦੇ ਦੇਸੀ ਪਿਸਤੌਲ ਅਤੇ ਕਾਰਤੂਸਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਉਨ੍ਹਾਂ ਦੇ 3 ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਜਦੋਂ ਥਾਣੇਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਮਹਿਣਾ ਤੋਂ ਕੋਟ ਈਸੇ ਖਾਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਸਮੱਗਲਰਾਂ ਦੀ ਤਲਾਸ਼ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਮੁਲਜ਼ਮ ਯੁੱਧਵੀਰ ਸਿੰਘ ਉਰਫ ਯੋਧਾ ਨਿਵਾਸੀ ਪਿੰਡ ਗਲੋਟੀ, ਨਿਸ਼ਾਨ ਸਿੰਘ ਨਿਵਾਸੀ ਪਿੰਡ ਮੌਜਗੜ੍ਹ ਮੱਖੂ, ਇੰਦਰਜੀਤ ਸਿੰਘ ਉਰਫ ਇੰਦਰ ਮਸੀਤਾ ਰੋਡ ਕੋਟ ਈਸੇ ਖਾਂ, ਗੁਰਪ੍ਰੀਤ ਸਿੰਘ ਗੋਪੀ ਪਿੰਡ ਗਲੋਟੀ, ਪਰਮਿੰਦਰ ਸਿੰਘ ਉਰਫ ਪੱਟੂ ਨਿਵਾਸੀ ਪਿੰਡ ਬਘੇਲੇਵਾਲਾ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਦੇ ਹਨ।
ਇਸ ’ਤੇ ਪੁਲਸ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਅਤੇ ਦੋ ਕਥਿਤ ਮੁਲਜ਼ਮਾ ਯੁੱਧਵੀਰ ਸਿੰਘ ਯੋਧਾ ਅਤੇ ਨਿਸ਼ਾਨ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 30 ਬੋਰ ਅਤੇ 5 ਜਿੰਦਾ ਕਾਰਤੂਸਾਂ ਦੇ ਇਲਾਵਾ 20 ਗ੍ਰਾਮ ਹੈਰੋਇਨ ਅਤੇ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਕਥਿਤ ਮੁਲਜ਼ਮ ਪਰਮਿੰਦਰ ਸਿੰਘ ਪੱਟੂ ਇਹ ਵਿਦੇਸ਼ ਵਿਚ ਹੈ।