ਹੈਰੋਇਨ ਸਮੇਤ ਕਾਬੂ ਵਿਅਕਤੀ ਤੋਂ ਰਿਮਾਂਡ ਦੌਰਾਨ ਪਿਸਤੌਲ ਤੇ ਰੌਂਦ ਬਰਾਮਦ

Thursday, Aug 27, 2026 - 03:32 PM (IST)

ਹੈਰੋਇਨ ਸਮੇਤ ਕਾਬੂ ਵਿਅਕਤੀ ਤੋਂ ਰਿਮਾਂਡ ਦੌਰਾਨ ਪਿਸਤੌਲ ਤੇ ਰੌਂਦ ਬਰਾਮਦ

ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਸ ਪਾਰਟੀ ਵੱਲੋਂ 522 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀ ਤੋਂ ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਦੇ ਆਧਾਰ ’ਤੇ ਇਕ 9 ਐੱਮ.ਐੱਮ. ਪਿਸਤੌਲ (ਜੁਗਾਨਾ) ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਇਸ ਮੌਕੇ ਐੱਸ.ਪੀ. ਇਨਵੈਸਟੀਗੇਸ਼ਨ ਨਰਿੰਦਰ ਸਿੰਘ ਵੀ ਮੌਜੂਦ ਸਨ। ਐੱਸ. ਐੱਸ. ਪੀ. ਬੈਂਸ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਹਾਕਮ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਐੱਨ.ਐੱਚ.-54 ’ਤੇ ਪਿੰਡ ਕਲੇਰ ਨੇੜੇ ਬਣੇ ਸ਼ੈੱਡ ਬੱਸ ਸਟਾਪ ਕੋਲ ਪੁੱਜੀ ਤਾਂ ਉਥੇ ਇਕ ਬਿਨਾਂ ਨੰਬਰੀ ਕਾਲੇ ਰੰਗ ਦਾ ਮੋਟਰਸਾਈਕਲ ਖੜ੍ਹਾ ਦਿਖਾਈ ਦਿੱਤਾ। ਸ਼ੈੱਡ ਵਿਚ ਬੈਠਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਸਟਾਰਟ ਕਰਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਦੀ ਪਛਾਣ ਮੋਹਨਬੀਰ ਸਿੰਘ ਵਾਸੀ ਪਿੰਡ ਰਾਜੋ ਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ। ਕਾਨੂੰਨੀ ਜ਼ਾਬਤੇ ਅਨੁਸਾਰ ਡੀ.ਐੱਸ.ਪੀ. ਅਵਤਾਰ ਸਿੰਘ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਮੁਲਜ਼ਮ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਦੀ ਲੋਅਰ ਦੀ ਜੇਬ ਵਿੱਚੋਂ ਇਕ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ਦੀ ਜਾਂਚ ਕਰਨ ’ਤੇ ਉਸ ਵਿੱਚੋਂ 522 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।

ਐੱਸ.ਐੱਸ.ਪੀ. ਬੈਂਸ ਨੇ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇਕ 9 ਐੱਮ.ਐੱਮ. ਪਿਸਤੌਲ (ਜੁਗਾਨਾ) ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ 522 ਗ੍ਰਾਮ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੀ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਬਰਾਮਦ ਪਿਸਤੌਲ ਦੇ ਸਰੋਤ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News