ਪੰਜਾਬ ਵਿਚ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ

Friday, Feb 14, 2025 - 05:39 PM (IST)

ਪੰਜਾਬ ਵਿਚ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਵਿਚ ਸ਼ਾਮਲ ਸੀ,ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਧਾਇਆ ਭੱਤਾ

ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਬਾਰੇ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐੱਸਐੱਚਓ ਘਰਿੰਡਾ ਦੀ ਅਗਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿਚ ਲੁਕਾ ਕੇ ਰੱਖਿਆ ਇਕ ਕਾਲਾ ਬੈਗ ਮਿਲਿਆ ਜਿਸ ਵਿਚੋਂ ਹੈਰੋਇਨ ਦੇ ਚਾਰ ਪੈਕੇਟ ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ ਬਰਾਮਦ ਹੋਏ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਮਿਲਣਗੇ ਘਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਐੱਸਐੱਸਪੀ ਨੇ ਦੱਸਿਆ ਕਿ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐੱਫਆਈਆਰ ਨੰਬਰ 30 ਮਿਤੀ 14-02-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਪੁਲਸ ਸਟੇਸ਼ਨ ਘਰਿੰਡਾ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨ ਧਾਰਕਾਂ ਲਈ ਖ਼ੁਸਖ਼ਬਰੀ, ਪੰਜਾਬ ਮੰਤਰੀ ਮੰਡਲ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News