47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ ਬਰਾਮਦਗੀ

Wednesday, Sep 23, 2026 - 02:03 PM (IST)

47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ ਬਰਾਮਦਗੀ

ਫਰੀਦਕੋਟ (ਰਾਜਨ) : ਐੱਸ. ਐੱਸ. ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਫਰੀਦਕੋਟ ਪੁਲਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪਹਿਲਾਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 47.3 ਕਿਲੋ ਹੈਰੋਇਨ, .30 ਬੋਰ ਦੇ 3 ਪਿਸਤੌਲ, 3 ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਹੁਣ ਇਸ ਮਾਮਲੇ ਦੀ ਤਫਤੀਸ਼ ਨੂੰ ਅੱਗੇ ਤੋਰਦਿਆਂ ਮੁੱਖ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 6.7 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤਰ੍ਹਾਂ ਮਾਮਲੇ ਵਿੱਚ ਹੁਣ ਤੱਕ ਕੁੱਲ 54 ਕਿਲੋ ਹੈਰੋਇਨ ਬਰਾਮਦ ਹੋ ਚੁੱਕੀ ਹੈ।

ਇਹ ਜਾਣਕਾਰੀ ਐੱਸ.ਪੀ. ਇਨਵੈਸਟੀਗੇਸ਼ਨ ਨਰਿੰਦਰ ਸਿੰਘ ਵੱਲੋਂ ਪ੍ਰੈੱਸ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ. ਫਰੀਦਕੋਟ ਦੀ ਪੁਲਸ ਟੀਮ ਨੇ ਇੱਕ ਕਾਰ ਨੂੰ ਰੋਕ ਕੇ ਉਸ ਵਿੱਚ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਕਾਰ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹੈਰੋਇਨ, ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ, ਮੰਗਲ ਸਿੰਘ ਵਾਸੀ ਪੰਜੇ ਕੇ ਉੱਤਰ, ਸਚਿਨ ਉਰਫ਼ ਸੰਜੂ ਵਾਸੀ ਪਰਭਾਤ ਸਿੰਘ ਵਾਲਾ ਅਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਸਾਰੇ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਸੀ। ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਦੌਰਾਨੇ ਪੁੱਛਗਿੱਛ ਮੁੱਖ ਮੁਲਜ਼ਮ ਮੰਗਲ ਸਿੰਘ ਨੇ ਖੁਲਾਸਾ ਕੀਤਾ ਕਿ ਜਿਸ ਦਿਨ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਗਈ ਸੀ, ਉਸ ਦਿਨ ਖੇਪ ਦਾ ਕੁਝ ਹਿੱਸਾ ਸਰਹੱਦੀ ਇਲਾਕੇ ਵਿਚ ਹੀ ਰਹਿ ਗਿਆ ਸੀ। ਮੁਲਜ਼ਮ ਨੇ ਪੁਲਸ ਨੂੰ ਦੱਸਿਆ ਕਿ ਉਹ ਬਾਕੀ ਰਹਿੰਦੀ ਕੰਸਾਇਨਮੈਂਟ ਬਰਾਮਦ ਕਰਵਾ ਸਕਦਾ ਹੈ। ਮੁਲਜ਼ਮ ਦੇ ਇਸ ਖੁਲਾਸੇ ਤੋਂ ਬਾਅਦ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਵੱਲੋਂ ਬੀ.ਐੱਸ.ਐੱਫ. ਨਾਲ ਤਾਲਮੇਲ ਕਰਕੇ ਮੰਗਲ ਸਿੰਘ ਦੀ ਨਿਸ਼ਾਨਦੇਹੀ ’ਤੇ ਸਰਹੱਦੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ 6.7 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਤਰ੍ਹਾਂ ਪਹਿਲਾਂ ਬਰਾਮਦ ਹੋਈ 47.3 ਕਿਲੋ ਹੈਰੋਇਨ ਸਮੇਤ ਕੁੱਲ ਬਰਾਮਦਗੀ 54 ਕਿਲੋ ਤੱਕ ਪਹੁੰਚ ਗਈ ਹੈ।

ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਵਿਅਕਤੀ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਫਤੀਸ਼ ਦੌਰਾਨ ਜਿਵੇਂ-ਜਿਵੇਂ ਨਵੇਂ ਤੱਥ ਸਾਹਮਣੇ ਆਉਣਗੇ, ਉਸੇ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿਚ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀਆਂ ਜਾਂਦੀਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਤੋਂ ਬਾਅਦ ਇਹ ਖੇਪਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤੀਆਂ ਜਾਂਦੀਆਂ ਸਨ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News