ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਸਮੇਤ 52 ਹਜ਼ਾਰ ਡਰੱਗ ਮਨੀ ਬਰਾਮਦ, ਚਾਰ ਕਾਬੂ

Sunday, Apr 16, 2023 - 05:40 PM (IST)

ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਸਮੇਤ 52 ਹਜ਼ਾਰ ਡਰੱਗ ਮਨੀ ਬਰਾਮਦ, ਚਾਰ ਕਾਬੂ

ਮੋਗਾ (ਆਜ਼ਾਦ) : ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਪੁਲਸ ਨੇ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ 52 ਹਜ਼ਾਰ ਰੁਪਏ ਡਰੱਗ ਮਨੀ ਸਮੇਤ 4 ਕਥਿਤ ਸਮੱਗਲਰਾਂ ਨੂੰ ਕਾਬੂ ਕੀਤਾ, ਜਦਕਿ ਇਕ ਪੁਲਸ ਦੇ ਕਾਬੂ ’ਚ ਨਹੀਂ ਆ ਸਕਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਧਰਮਕੋਟ ਦੇ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਜਦੋਂ ਸਹਾਇਕ ਥਾਣੇਦਾਰ ਸੰਤੋਖ ਸਿੰਘ ਪੁਲਸ ਪਾਰਟੀ ਸਮੇਤ ਦੇਰ ਰਾਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਬਾਜੇਕੇ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਆਈ ਟਵੰਟੀ ਕਾਰ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਮਨਪ੍ਰੀਤ ਸਿੰਘ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਤੋਂ 105 ਨਸ਼ੀਲੀ ਗੋਲੀਆਂ, ਲਵਪ੍ਰੀਤ ਸਿੰਘ ਨਿਵਾਸੀ ਪਿੰਡ ਪੀਰ ਮੁਹੰਮਦ ਫਿਰੋਜ਼ਪੁਰ ਤੋਂ 20 ਗ੍ਰਾਮ ਹੈਰੋਇਨ ਅਤੇ ਕਾਰ ਵਿਚੋਂ 52 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਦਕਿ ਇਨ੍ਹਾਂ ਦਾ ਤੀਸਰਾ ਸਾਥੀ ਸਰਬਜੀਤ ਸਿੰਘ ਨਿਵਾਸੀ ਪਿੰਡ ਪੀਰ ਮੁਹੰਮਦ ਭੱਜਣ ਵਿਚ ਸਫਲ ਹੋ ਗਿਆ।

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਤਿੰਨੇ ਕਥਿਤ ਸਮੱਗਲਰਾਂ ਖ਼ਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗੌੜੇ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਅਧੀਨ ਪੈਂਦੀ ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਰਘਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਜਦ ਉਹ ਦੇਰ ਸ਼ਾਮ ਪੁਲਸ ਪਾਰਟੀ ਸਮੇਤ ਪਿੰਡ ਦਾਨੂੰਵਾਲਾ ਕੋਲ ਜਾ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਰਾਜਵੀਰ ਸਿੰਘ ਅਤੇ ਸੁਰਿੰਦਰ ਸਿੰਘ ਦੋਵੇਂ ਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਕਾਬੂ ਕਰਕੇ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 100 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅੱਜ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News