ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ

08/19/2023 6:28:20 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਇਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼  ਸਰਹੱਦੀ ਸੂਬੇ ਵਿਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿਚ ਨਸ਼ਾ ਤਸਕਰੀ, ਸ਼ਰਾਬ ਤਸਕਰੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਚਾਰ ਗੁਆਂਢੀ ਰਾਜਾਂ- ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ- ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਸ ਬਲਾਂ ਦੇ ਨਾਲ ਸਾਂਝੇ ਤੌਰ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੁਚੱਜੇ ਢੰਗ ਨਾਲ ਇੱਕੋ ਸਮੇਂ ਚਲਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ

ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਏ. ਡੀ. ਜੀ. ਪੀ. ਬਠਿੰਡਾ ਰੇਂਜ, ਆਈ. ਜੀ. ਐੱਸ. ਪੀ ਰੂਪਨਗਰ/ਪਟਿਆਲਾ ਰੇਂਜ ਅਤੇ ਡੀ. ਆਈ. ਜੀਜ਼ ਬਾਰਡਰ/ਜਲੰਧਰ/ਫਿਰੋਜ਼ਪੁਰ/ਫਰੀਦਕੋਟ ਰੇਂਜ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਇੰਸਪੈਕਟਰ ਜਨਰਲ ਪੁਲਸ (ਆਈਜੀਐੱਸਪੀ) ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ‘ਆਪ੍ਰੇਸ਼ਨ  ਸੀਲ -3’ ਦੇ ਹਿੱਸੇ ਵਜੋਂ ਪ੍ਰਭਾਵੀ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐੱਸਐੱਸਪੀਜ਼ ਨੂੰ ਗਜ਼ਟਿਡ ਅਫ਼ਸਰਾਂ/ਐੱਸਐੱਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਸ ਕਰਮੀਆਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ : 3 ਵਰ੍ਹਿਆਂ ਦੇ ਪੁੱਤ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਓ ਦਾ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਉਨ੍ਹਾਂ ਕਿਹਾ ਕਿ 10 ਜ਼ਿਲ੍ਹਿਆਂ ਜਿਹਨਾਂ ਦੀਆਂ ਹੱਦਾਂ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਹਨ,ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮੀਆਂ ਦੀ ਤਾਇਨਾਤੀ ਤੇ ਵਧੀਆ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਹਨ । 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸ. ਏ. ਐੱਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਵਾਹਨਾਂ ਦੀ ਚੈਕਿੰਗ ਕਰਨ ਸਮੇਂ ਉਹ ਹਰੇਕ ਯਾਤਰੀ ਨਾਲ ਦੋਸਤਾਨਾ ਵਿਹਾਰ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਣ। 

ਇਹ ਵੀ ਪੜ੍ਹੋ : ਲੁਧਿਆਣਾ ’ਚ ਵਾਪਰੇ ਹਾਦਸੇ ਨੇ ਪਰਿਵਾਰ ’ਚ ਪੁਆਏ ਕੀਰਣੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿਚ ਦਾਖਲ ਹੋਣ ਵਾਲੇ 5726 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿਚੋਂ 329 ਦੇ ਚਲਾਨ ਕੀਤੇ ਗਏ ਅਤੇ 25 ਨੂੰ ਜ਼ਬਤ ਕੀਤਾ ਗਿਆ। ਪੁਲਸ ਨੇ 40 ਐੱਫਆਈਆਰ ਵੀ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਪੁਲੀਸ ਟੀਮਾਂ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ 45 ਲੱਖ ਰੁਪਏ ਦੀ ਨਕਦੀ, 30 ਕਿੱਲੋ ਭੁੱਕੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, 350 ਲਿਟਰ ਲਾਹਣ ਅਤੇ 263 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਟੀਮਾਂ ਨੇ ਪੁੱਛਗਿੱਛ ਲਈ 715 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿਚ ਪੁਲਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਮਦਦ ਕਰਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News