ਪੰਜਾਬ 'ਚ ਹਾਈ ਅਲਰਟ, ਵਧਾ 'ਤੀ ਸੁਰੱਖਿਆ, DGP ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
Thursday, May 08, 2025 - 11:16 AM (IST)

ਜਲੰਧਰ (ਧਵਨ)- ਭਾਰਤ ਵੱਲੋਂ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ’ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿਚ ਸੁਰੱਖਿਆ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ। ਡੀ. ਜੀ. ਪੀ. ਨੇ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ, ਕਿਉਂਕਿ ਅਜਿਹੇ ਮਾਹੌਲ ਵਿਚ ਅੱਤਵਾਦੀ ਜਾਂ ਹੋਰ ਸ਼ਰਾਰਤੀ ਅਨਸਰ ਕਿਸੇ ਮਾੜੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ
ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਖ਼ਾਸ ਕਰਕੇ ਸਰਹੱਦੀ ਖੇਤਰਾਂ, ਨਾਗਰਿਕ ਖੇਤਰਾਂ ਅਤੇ ਅਤਿ ਸੰਵੇਦਨਸ਼ੀਲ ਖੇਤਰਾਂ ਵਿਚ ਪੁਲਸ ਚੌਕਸੀ ਵਧਾਉਣ। ਡੀ. ਜੀ. ਪੀ. ਨੇ ਅੱਜ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਉਨ੍ਹਾਂ ਦੇ ਇਲਾਕਿਆਂ ਬਾਰੇ ਰਿਪੋਰਟਾਂ ਲਈਆਂ। ਡੀ. ਜੀ. ਪੀ. ਨੇ ਅਧਿਕਾਰੀਆਂ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ ਪਿੱਛੇ ਦੂਜੀ ਰੱਖਿਆ ਲਾਈਨ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਕਦਮ ਚੁੱਕਣ ਲਈ ਕਿਹਾ। ਦੂਜੀ ਰੱਖਿਆ ਲਾਈਨ ਇਸ ਸਮੇਂ ਪੰਜਾਬ ਪੁਲਸ ਦੇ ਹੱਥ ਵਿਚ ਹੈ ਜਦਕਿ ਭਾਰਤ-ਪਾਕਿ ਸਰਹੱਦ ਦੀ ਨਿਗਰਾਨੀ ਲਈ ਬੀ. ਐੱਸ. ਐੱਫ਼. ਤਾਇਨਾਤ ਹੈ।
ਇਹ ਵੀ ਪੜ੍ਹੋ: ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਸ਼ਹਿਰਾਂ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਥਾਣਿਆਂ ਦੇ ਐੱਸ. ਐੱਚ. ਓਜ਼ ਨੂੰ ਫੀਲਡ ਵਿਚ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਕਿ ਨਾਗਰਿਕਾਂ ਅੰਦਰ ਸੁਰੱਖਿਆ ਦੀ ਭਾਵਨਾ ਬਣੀ ਰਹੇ। ਡੀ. ਜੀ. ਪੀ. ਨੇ ਕਿਹਾ ਕਿ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਆਪਣੀਆਂ ਟੀਮਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਵਰਗੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿਚ ਵਾਧੂ ਫੋਰਸ ਭੇਜੀ ਗਈ ਹੈ ਤਾਂ ਜੋ ਹਰ ਕੀਮਤ ਤੇ ਸ਼ਾਂਤੀ ਬਣਾਈ ਰੱਖੀ ਜਾ ਸਕੇ ਕਿਉਂਕਿ ਜੰਗ ਵਰਗੀ ਸਥਿਤੀ ਵਿਚ ਅੱਤਵਾਦੀ, ਗੈਂਗਸਟਰ ਜਾਂ ਸਰਹੱਦ ਪਾਰੋਂ ਸ਼ਰਾਰਤੀ ਅਨਸਰ ਅਕਸਰ ਕੋਈ ਨਾ ਕੋਈ ਅਪਰਾਧ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੀ ਸਥਿਤੀ ਨਾਲ ਦ੍ਰਿੜਤਾ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ, ਵੇਖੋ ਲਿਸਟ 'ਚ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e