ਹਾਈਕਮਾਨ ਨੂੰ ਰਿਪੋਰਟ ਸੌਂਪੇ ਜਾਣ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਤਿੰਨ ਸਾਂਸਦਾਂ ਵਲੋਂ ਕੈਪਟਨ ਨਾਲ ਮੁਲਾਕਾਤ

Tuesday, Jun 08, 2021 - 05:23 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਨਬੇੜਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਲੋਂ ਹਾਈਕਮਾਨ ਨੂੰ ਰਿਪੋਰਟ ਸੌਂਪੇ ਜਾਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਤਿੰਨ ਸਾਂਸਦਾਂ ਵਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ਵਿਚ ਲੁਧਿਆਣਾ ਤੋਂ ਐੱਮ. ਪੀ. ਰਵਨੀਤ ਸਿੰਘ ਬਿੱਟੂ, ਖ਼ਡੂਰ ਸਾਹਿਬ ਤੋਂ ਐੱਮ. ਪੀ. ਜਸਬੀਰ ਸਿੰਘ ਡਿੰਪਾ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਪਿਛਲੇ ਦਿਨੀਂ ਲਗਭਗ 80 ਕਾਂਗਰਸੀ ਵਿਧਾਇਕਾਂ ਤੇ ਐੱਮ. ਪੀਜ਼ ਵਲੋਂ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ ਗਈ। ਸੂਤਰਾਂ ਮੁਤਾਬਕ ਤਿੰਨ ਮੈਂਬਰੀ ਕਮੇਟੀ ਅਗਲੇ 1-2 ਦਿਨਾਂ ਤਕ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਸਕਦੀ ਹੈ ਅਤੇ ਇਸ ਰਿਪੋਰਟ ਦੇ ਸੌਂਪੇ ਜਾਣ ਤੋਂ ਪਹਿਲਾਂ ਹੀ ਪੰਜਾਬ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਸਦਾ ਮੈਂਬਰਾਂ ਵਲੋਂ ਅਜਿਹੀਆਂ ਮੀਟਿੰਗਾਂ ਰਾਹੀਂ ਹਾਈਕਮਾਨ ਨੂੰ ਕਿਤੇ ਨਾ ਕਿਤੇ ਇਹ ਸੰਦੇਸ਼ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਅੱਗੇ ਵੱਧਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਵੇਂ ਹੁਣ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਨਾਲ ਹੋਣ ਦਾ ਸੰਦੇਸ਼ ਦਿੱਤਾ ਹੈ ਪਰ ਪਿਛਲੇ ਦਿਨੀਂ ਬੇਅਦਬੀ ਮਾਮਲੇ ’ਤੇ ਬੋਲਦੇ ਰਵਨੀਤ ਬਿੱਟੂ ਨੇ ਇਥੋਂ ਤਕ ਆਖ ਦਿੱਤਾ ਸੀ ਕਿ ਜੇਕਰ ਮੁੱਖ ਮੰਤਰੀ ਕੋਲੋਂ ਗ੍ਰਹਿ ਵਿਭਾਗ ਨਹੀਂ ਸਭਾਲਿਆ ਜਾਂਦਾ ਤਾਂ ਉਨ੍ਹਾਂ ਇਸ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ, ਦੂਜੇ ਪਾਸੇ ਗੁਰਜੀਤ ਔਜਲਾ ਦੇ ਤੇਵਰ ਵੀ ਕੁੱਝ ਤਲਖ ਹੀ ਨਜ਼ਰ ਆਏ ਸਨ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮਨਜ਼ੂਰੀ

ਉਧਰ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਇਸ ਮੁਲਾਕਾਤ ਨੂੰ ਭਵਿੱਖ ਵਿਚ ਹੋਣ ਵਾਲੀਆਂ ਚੋਣਾਂ ਅਤੇ ਲੋਕ ਸਭਾ ਦੇ ਆਉਣ ਵਾਲੇ ਇਜਲਾਸ ਲਈ ਚਰਚਾ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੱਸਿਆ ਹੈ। ਡਿੰਪਾ ਨੇ ਕਿਹਾ ਕਿ ਸਾਥੀ ਸੰਸਦ ਮੈਂਬਰਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਬਾਰੇ ਚਰਚਾ ਕੀਤੀ ਗਈ ਹੈ ਅਤੇ ਲੋਕ ਸਭਾ ਦੇ ਆਉਣ ਵਾਲੇ ਇਜਲਾਸ ਵਿਚ ਪੰਜਾਬ ਸੂਬੇ ਦੇ ਨਾਲ-ਨਾਲ ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਮਾਰੀ ਨੂੰ ਲੈਕੇ ਭਾਰਤ ਸਰਕਾਰ ਦੀ ਅਸਫਲਤਾ ਨੂੰ ਪੁਰ ਜ਼ੋਰ ਤਰੀਕੇ ਨਾਲ ਚੁੱਕਣ ਦੀ ਗੱਲ਼ ਹੋਈ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News