ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸਖ਼ਤ ਰੌਂਅ ’ਚ ਹਾਈਕਮਾਨ, ਨਵੇਂ ਪ੍ਰਧਾਨ ਦੀ ਚੋਣ ਲਈ ਵਿਚਾਰੇ ਜਾ ਰਹੇ ਇਹ ਨਾਂ

Wednesday, Sep 29, 2021 - 05:21 PM (IST)

ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸਖ਼ਤ ਰੌਂਅ ’ਚ ਹਾਈਕਮਾਨ, ਨਵੇਂ ਪ੍ਰਧਾਨ ਦੀ ਚੋਣ ਲਈ ਵਿਚਾਰੇ ਜਾ ਰਹੇ ਇਹ ਨਾਂ

ਜਲੰਧਰ (ਧਵਨ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਭਾਵੇਂ ਕਾਂਗਰਸ ਹਾਈਕਮਾਨ ਨੇ ਅਜੇ ਤੱਕ ਸਵੀਕਾਰ ਨਹੀਂ ਕੀਤਾ ਹੈ ਪਰ ਕਾਂਗਰਸ ਲੀਡਰਸ਼ਿਪ ਨੇ ਨਵੇਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਹਾਈਕਮਾਨ ਹੁਣ ਸਿੱਧੂ ਦੇ ਅੱਗੇ ਝੁਕਣ ਲਈ ਤਿਆਰ ਨਹੀਂ ਹੈ ਕਿਉਂਕਿ ਉਹ ਸਮਝਦਾ ਹੈ ਕਿ ਸਿੱਧੂ ਵਲੋਂ ਪੈਦਾ ਕੀਤੇ ਗਏ ਹਾਲਾਤ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਸਥਿਤੀ ਖਰਾਬ ਹੋਈ ਹੈ। ਰਾਹੁਲ ਅਤੇ ਪ੍ਰਿਯੰਕਾ ਦੋਵੇਂ ਹੀ ਕਾਫੀ ਨਾਰਾਜ਼ ਦੱਸੇ ਜਾ ਰਹੇ ਹਨ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਨਵੇਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਇਸ ਸਮੇਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ, ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਵਿਚਾਰ ਅਧੀਨ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਟੈਂਡ ਤੋਂ ਹਾਈਕਮਾਨ ਔਖੀ, ਚੰਨੀ ਨੂੰ ਸੌਂਪੀ ਇਹ ਵੱਡੀ ਜ਼ਿੰਮੇਵਾਰੀ

ਪਰਨੀਤ ਕੌਰ ਦਾ ਨਾਂ ਇਸ ਲਈ ਪ੍ਰਦੇਸ਼ ਪ੍ਰਧਾਨ ਲਈ ਲਿਆ ਜਾ ਰਿਹਾ ਹੈ ਤਾਂ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਹੋਰ ਪਾਰਟੀ ’ਚ ਜਾਣ ਤੋਂ ਰੋਕਿਆ ਜਾ ਸਕੇ। ਕਾਂਗਰਸ ਲੀਡਰਸ਼ਿਪ ਦੇ ਸੀਨੀਅਰ ਨੇਤਾਵਾਂ ਦਾ ਮੰਨਣਾ ਹੈ ਕਿ ਜੇ ਕੈਪਟਨ ਕਿਸੇ ਹੋਰ ਪਾਰਟੀ ’ਚ ਜਾਂਦੇ ਹਨ ਤਾਂ ਕਾਂਗਰਸ ਨੂੰ ਆਉਂਦੀਆਂ ਚੋਣਾਂ ’ਚ ਕਾਫੀ ਨੁਕਸਾਨ ਚੁੱਕਣਾ ਪੈ ਸਕਦਾ ਹੈ। ਜੇ ਉਨ੍ਹਾਂ ਦੀ ਪਤਨੀ ਨੂੰ ਸੂਬਾ ਪ੍ਰਧਾਨ ਦੀ ਵਾਗਡੋਰ ਦਿੱਤੀ ਜਾਂਦੀ ਹੈ ਤਾਂ ਕੈਪਟਨ ਕਾਂਗਰਸ ਨਾ ਛੱਡਣ ਲਈ ਪਾਬੰਦ ਹੋ ਜਾਣਗੇ। ਦੂਜੇ ਪਾਸੇ ਸੁਨੀਲ ਜਾਖੜ ਦੇ ਵੀ ਰਾਹੁਲ ਅਤੇ ਪ੍ਰਿਯੰਕਾ ਨਾਲ ਸਬੰਧ ਕਾਫੀ ਚੰਗੇ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ, ਪ੍ਰਧਾਨਗੀ ਛੱਡਣ ਪਿੱਛੇ ਕੀਤਾ ਵੱਡਾ ਖ਼ੁਲਾਸਾ

ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਰਵਨੀਤ ਬਿੱਟੂ ਨੇ ਕਈ ਵਾਰ ਆਪਣੀ ਲੀਡਰਸ਼ਿਪ ਸਮਰੱਥਾ ਸਾਬਤ ਕੀਤੀ ਹੋਈ ਹੈ। ਕੱਲ ਵੀ ਨਵਜੋਤ ਸਿੱਧੂ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ’ਤੇ ਜ਼ਬਰਦਸਤ ਸਿਆਸੀ ਹਮਲੇ ਕੀਤੇ ਸਨ। ਇਸ ਤਰ੍ਹਾਂ ਨਾਗਰਾ ਨੂੰ ਪੰਜਾਬ ਕੈਬਨਿਟ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਕਿਸਾਨਾਂ ਦੇ ਪੱਖ ’ਚ ਉਨ੍ਹਾਂ ਨੇ ਵੀ ਇਕ ਜ਼ਬਰਦਸਤ ਸਟੈਂਡ ਲਿਆ ਹੋਇਆ ਹੈ। ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਦਿਨਾਂ ’ਚ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਵਲੋਂ ਇਸ ਸਬੰਧ ’ਚ ਕੀ ਫ਼ੈਸਲਾ ਲਿਆ ਜਾਂਦਾ ਹੈ ਪਰ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦੌੜ ਜ਼ਰੂਰ ਹੀ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News