ਚੰਡੀਗੜ੍ਹ ਬਾਰੇ ਦਿੱਤੇ ਹਲਫਨਾਮੇ ''ਤੇ ਮਜੀਠੀਆ ਨੇ ਕੈਪਟਨ ਤੋਂ ਮੰਗਿਆ ਸਪੱਸ਼ਟੀਕਰਨ
Friday, Nov 01, 2019 - 06:29 PM (IST)

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਇਕ ਗਲਤ ਹਲਫਨਾਮਾ ਦਾਇਰ ਕਰਕੇ ਪੰਜਾਬ ਦੇ ਹਿੱਤਾਂ ਅਤੇ ਚੰਡੀਗੜ੍ਹ 'ਤੇ ਇਸ ਦਾ ਅਧਿਕਾਰ ਵੇਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਇਸ ਹਲਫਨਾਮੇ ਵਿਚ ਚੰਡੀਗੜ੍ਹ ਨੂੰ ਸੂਬੇ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ ਗਿਆ ਹੈ। ਇਸ ਗਲਤ ਹਲਫਨਾਮੇ ਨੂੰ ਤੁਰੰਤ ਵਾਪਸ ਲੈਣ ਅਤੇ ਇਸ ਨੂੰ ਦਾਇਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਇਕ ਵੱਡੀ ਗਲਤੀ ਹੈ ਜਾਂ ਫਿਰ ਕਾਂਗਰਸ ਸਰਕਾਰ ਦੀ ਚੰਡੀਗੜ੍ਹ 'ਤੇ ਸੂਬੇ ਦਾ ਹੱਕ ਛੱਡਣ ਲਈ ਰਚੀ ਗਈ ਸਾਜ਼ਿਸ਼ ਹੈ? ਅਸੀਂ ਇਸ ਦੀ ਤਹਿ ਤੱਕ ਜਾਣ ਲਈ ਤੁਰੰਤ ਜਾਂਚ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਹਲਫਨਾਮਾ ਉਨ੍ਹਾਂ ਦੀ ਸਹਿਮਤੀ ਨਾਲ ਭੇਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਉਨ੍ਹਾਂ ਨੂੰ ਇਸ ਕੇਸ ਵਿਚ ਵੱਡੀ ਕਾਰਵਾਈ ਦਾ ਹੁਕਮ ਦੇਣਾ ਚਾਹੀਦਾ ਹੈ ਅਤੇ ਤੁਰੰਤ ਇਸ ਹਲਫਨਾਮੇ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਜਿਹਾ ਹਲਫਨਾਮਾ ਦੇ ਕੇ ਆਪਣੇ ਹੱਥ ਆਪ ਵੱਢ ਲਏ ਹਨ। ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦਾ ਅਟੁੱਟ ਹਿੱਸਾ ਕਹਿਣ ਦੀ ਥਾਂ ਸੂਬਾ ਸਰਕਾਰ ਨੇ ਰਸਮੀ ਤੌਰ 'ਤੇ ਇਸ 'ਤੇ ਆਪਣਾ ਅਧਿਕਾਰ ਤਿਆਗ ਦਿੱਤਾ ਹੈ। ਇਹ ਇਕ ਬਹੁਤ ਵੱਡਾ ਵਿਸ਼ਵਾਸ਼ਘਾਤ ਹੈ, ਜਿਸ ਨੂੰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਚੰਡੀਗੜ੍ਹ 'ਤੇ ਸਾਰੇ ਅਧਿਕਾਰ ਛੱਡਣ ਦੀ ਇਸ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਅਕਾਲੀ ਦਲ ਪੰਜਾਬੀਆਂ ਨਾਲ ਮਿਲ ਕੇ ਕੰਮ ਕਰੇਗਾ।