ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

02/23/2023 4:03:53 PM

ਚੰਡੀਗੜ੍ਹ (ਹਾਂਡਾ) : ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਹੋਰ ਸਿਆਸੀ ਸ਼ਖ਼ਸੀਅਤਾਂ ਖ਼ਿਲਾਫ਼ ਦਰਜ ਮਾਮਲਿਆਂ ਵਿਚ ਜਾਂਚ ਅਤੇ ਟ੍ਰਾਇਲ ਪੂਰਾ ਹੋਣ ਵਿਚ ਹੋ ਰਹੀ ਦੇਰੀ ’ਤੇ ਹਾਈ ਕੋਰਟ ਵਲੋਂ ਤਲਬ ਕੀਤੇ ਜਾਣ ’ਤੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਦੇ ਡੀ. ਜੀ. ਪੀ. ਹਾਈ ਕੋਰਟ ਵਿਚ ਪੇਸ਼ ਹੋਏ। ਸੁਣਵਾਈ ਦੌਰਾਨ ਕੋਰਟ ਨੇ ਸਖਤ ਰੁਖ਼ ਅਪਣਾਉਂਦਿਆਂ ਦੋਵਾਂ ਡੀ. ਜੀ. ਪੀਜ਼ ਨੂੰ ਹੁਕਮ ਦਿੱਤਾ ਕਿ ਉਹ ਆਪਣੇ-ਆਪਣੇ ਸੂਬੇ ਵਿਚ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਚੱਲ ਰਹੇ ਕੇਸਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ। ਜਿਨ੍ਹਾਂ ਕੇਸਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ, ਉਨ੍ਹਾਂ ਦੀ ਜਾਂਚ ਛੇਤੀ ਪੂਰੀ ਕੀਤੀ ਜਾਵੇ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਸੁਣਵਾਈ ਦੌਰਾਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਕੋਰਟ ਵਿਚ ਹਲਫ਼ਨਾਮਾ ਦਰਜ ਕਰ ਕੇ ਕਿਹਾ ਗਿਆ ਕਿ ਪੰਜਾਬ ਪੁਲਸ ਇਸ ਮਾਮਲੇ ਵਿਚ ਗੰਭੀਰ ਹੈ। ਜਿੱਥੇ 4 ਜਨਵਰੀ ਨੂੰ 17 ਮਾਮਲਿਆਂ ਦੀ ਜਾਂਚ ਜਾਰੀ ਸੀ, ਉਹ ਹੁਣ ਸਿਰਫ਼ 6 ਰਹਿ ਗਈ ਹੈ। ਡੀ. ਜੀ. ਪੀ. ਵਲੋਂ ਕੋਰਟ ਨੂੰ ਦੱਸਿਆ ਗਿਆ ਕਿ ਜਿਨ੍ਹਾਂ 6 ਅਪਰਾਧਿਕ ਮਾਮਲਿਆਂ ਦੀ ਜਾਂਚ ਜਾਰੀ ਹੈ, ਉਨ੍ਹਾਂ ਵਿਚ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ, ਵਿਧਾਇਕ ਦਲਬੀਰ ਸਿੰਘ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸ਼ਾਮ ਸੁੰਦਰ ਅਰੋੜਾ ਅਤੇ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਪੁਲਸ ਜਾਂਚ ਜਾਰੀ ਹੈ। ਕੋਰਟ ਨੂੰ ਦੱਸਿਆ ਗਿਆ ਕਿ 14 ਫਰਵਰੀ ਤੱਕ 112 ਮਾਮਲਿਆਂ ਵਿਚ ਟ੍ਰਾਇਲ ਜਾਰੀ ਹਨ।

ਇਹ ਵੀ ਪੜ੍ਹੋ : ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, ਦਾਖ਼ਲੇ ਲਈ ਪੋਰਟਲ ਲਾਂਚ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal