ਪੁੱਡਾ ਭਵਨ ''ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
Wednesday, Oct 07, 2026 - 04:01 PM (IST)
ਚੰਡੀਗੜ੍ਹ/ਮੋਹਾਲੀ (ਵੈੱਬ ਡੈਸਕ)- ਮੋਹਾਲੀ ਸਥਿਤ ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਲੈ ਕੇ ਗਮਾਡਾ ਅਤੇ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਇਸ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਅੱਜ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ 'ਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਮਗਰੋਂ ਈ. ਡੀ. ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈ. ਡੀ. ਨੂੰ 15 ਦਿਨਾਂ ’ਚ ਇਸ ਮਾਮਲੇ ’ਤੇ ਜਵਾਬ ਦੇਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
ਇਸ ਮਾਮਲੇ ਵਿਚ ਹੁਣ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ। ਇਥੇ ਦੱਸ ਦੇਈਏ ਕਿ ਅਦਾਲਤ 'ਚ ਈ. ਡੀ. ਨੇ ਜਵਾਬ ਲਈ ਦੋ ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਗਮਾਡਾ ਦਫ਼ਤਰ ਦੀ ਈ. ਡੀ. ਵੱਲੋਂ 22 ਤੋਂ 24 ਸਤੰਬਰ ਤੱਕ ਕੀਤੀ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਨੂੰ 'ਜ਼ਰੂਰੀ ਸੁਣਵਾਈ ਵਾਲੀ ਸੂਚੀ' 'ਚ ਦਰਜ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ’ਤੇ ਸੁਣਵਾਈ ਕੀਤੀ ਗਈ। ਪੰਜਾਬ ਸਰਕਾਰ ਨੇ ਪਟੀਸ਼ਨ ’ਚ ਭਾਰਤ ਸਰਕਾਰ ਅਤੇ ਈ. ਡੀ. ਤੋਂ ਇਲਾਵਾ ਹੋਰਨਾਂ ਨੂੰ ਵੀ ਧਿਰ ਬਣਾਇਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ
ਜ਼ਿਕਰਯੋਗ ਹੈ ਕਿ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਦੀ ਈ. ਡੀ. ਵੱਲੋਂ 50 ਘੰਟੇ ਦੇ ਕਰੀਬ ਤਲਾਸ਼ੀ ਲਈ ਗਈ ਸੀ ਅਤੇ ਦਫ਼ਤਰੀ ਰਿਕਾਰਡ ਦੇ 30 ਤੋਂ ਵੱਧ ਬੈਗ ਜ਼ਬਤ ਕੀਤੇ ਗਏ ਸਨ। ਸੀਨੀਅਰ ਅਧਿਕਾਰੀਆਂ ਦੇ ਮੋਬਾਇਲ ਫ਼ੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਕੀਤਾ ਗਿਆ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਹ ਜਾਂਚ ਤਿਰੁਪਤੀ ਇਨਫ਼ਰਾ ਪ੍ਰਾਜੈਕਟਸ ਪ੍ਰਾਈਵੇਟ ਲਿਮਟਿਡ ਦੇ ਪ੍ਰਮੋਟਰਾਂ ਨਾਲ ਸਬੰਧਤ 238 ਕਰੋੜ ਰੁਪਏ ਦੇ ਕਥਿਤ ਬੈਂਕ ਘੁਟਾਲੇ ਬਾਰੇ ਸੀ. ਬੀ. ਆਈ. ਦੀ ਐੱਫ਼. ਆਈ. ਆਰ. ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਦੱਸੀ ਗਈ ਸੀ। ਇਸ ਮਾਮਲੇ 'ਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਅਤੇ ਨਾ ਹੀ ਕਿਸੇ ਗਮਾਡਾ ਅਧਿਕਾਰੀ ਦਾ ਨਾਂ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਤਲਾਸ਼ੀ ਅਤੇ ਸਰਵੇਖਣ ਦੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ। ਈ. ਡੀ. ਵੱਲੋਂ ਕਾਪੀ ਕੀਤੇ ਡਾਟੇ ਦੀ ਵਰਤੋਂ ’ਤੇ ਵੀ ਰੋਕ ਦੀ ਗੱਲ ਕਹੀ ਗਈ ਹੈ। ਇਸ ਦੇ ਇਲਾਵਾ ਪਟੀਸ਼ਨ 'ਚ ਈ. ਡੀ. ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਹਿਰਾਸਤ 'ਚ ਰੱਖੇ ਜਾਣ ਖ਼ਿਲਾਫ਼ ਵੀ ਦਲੀਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
