ਹਾਈਕੋਰਟ ਨੇ ਪੰਜਾਬ ’ਚ ਅਪਰਾਧਿਕ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ, DGP ਤੋਂ ਮੰਗਿਆ ਜਵਾਬ
Thursday, Jan 29, 2026 - 10:02 AM (IST)
ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਪੁਲਸ ਦੇ ਜਵਾਬ ਦੀ ਸਮੀਖਿਆ ਕੀਤੀ ਅਤੇ ਸੂਬੇ ’ਚ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਹਾਲੀਆ ਘਟਨਾਵਾਂ ’ਤੇ ਚਿੰਤਾ ਪ੍ਰਗਟ ਕੀਤੀ।
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ, ਐੱਸ. ਐੱਸ. ਪੀ. ਮੋਹਾਲੀ ਹਰਮਨਦੀਪ ਹਾਂਸ, ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਅਤੇ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਮੁਖੀ ਗੁਰਮੀਤ ਚੌਹਾਨ ਸਮੇਤ ਸੀਨੀਅਰ ਪੁਲਸ ਅਧਿਕਾਰੀ ਅਦਾਲਤ ’ਚ ਪੇਸ਼ ਹੋਏ ਅਤੇ ਅਦਾਲਤ ਨੂੰ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਬੈਂਚ ਨੇ ਮਾਮਲੇ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਏ ਗਏ ਸਮੇਂ ਅਤੇ ਸੁਰੱਖਿਆ ਵਧਾਉਣ ਲਈ ਕੀਤੇ ਜਾ ਰਹੇ ਉਪਾਵਾਂ ਬਾਰੇ ਵੀ ਸਪੱਸ਼ਟੀਕਰਨ ਮੰਗਿਆ। ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਹਾਈਕੋਰਟ ਨੇ ਪੰਜਾਬ ਪੁਲਸ ਨੂੰ ਨਿਯਮਿਤ ਤੌਰ ’ਤੇ ਗੋਲੀਬਾਰੀ ਦੀਆਂ ਘਟਨਾਵਾਂ, ਵੀ. ਵੀ. ਆਈ. ਪੀ. ਸੁਰੱਖਿਆ ਪ੍ਰਬੰਧਾਂ, ਜਬਰੀ ਵਸੂਲੀ ਦੇ ਮਾਮਲਿਆਂ, ਸੰਵੇਦਨਸ਼ੀਲ ਖੇਤਰਾਂ ’ਚ ਸੀ. ਸੀ. ਟੀ. ਵੀ. ਕਵਰੇਜ ਅਤੇ ਜ਼ਿਲਾ ਪੱਧਰ ’ਤੇ ਜਵਾਬਦੇਹੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।
