ਕੇਂਦਰ ਤੇ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਸਮਾਗਮਾਂ ਦੇ ਸਬੰਧ ''ਚ ਕੀਤੀ ਸਾਂਝੀ ਮੀਟਿੰਗ

10/11/2019 5:52:58 PM

ਸੁਲਤਾਨਪੁਰ ਲੋਧੀ (ਸੋਢੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਅੱਜ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਸਮਾਗਮਾਂ ਦੀਆਂ ਤਿਆਰੀਆਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਕੇਂਦਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਯੁਕਤ ਸਕੱਤਰ ਸ੍ਰੀ ਅਰੁਣ ਗੋਇਲ ਨੇ ਕਿਹਾ ਕਿ ਦੋਵਾਂ ਸਰਕਾਰਾਂ ਵਲੋਂ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਉਨਾਂ ਸਾਰੇ ਸਬੰਧਤ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ, ਸਕੱਤਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਾਜੈਕਟਾਂ ਨੂੰ 20 ਅਕਤੂਬਰ ਤੱਕ ਮੁਕੰਮਲ ਕਰਨ।

ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਅਧਿਕਾਰੀ ਸਮਾਗਮਾਂ ਦੀ ਸਫ਼ਲਤਾ ਲਈ ਬਿਹਤਰੀਨ ਤਾਲਮੇਲ ਸਥਾਪਿਤ ਕਰਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਆਦਿ ਨੇ ਆਪੋ-ਆਪਣੇ ਵਿਭਾਗਾਂ ਦੁਆਰਾ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਸਕੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਦੇ ਪ੍ਰਚਾਰ, ਪ੍ਰਸਾਰ ਅਤੇ ਉਦਾਸੀਆਂ ਬਾਰੇ ਲੋਕਾਈ ਨੂੰ ਜਾਣੂ ਕਰਵਾਉਣ ਲਈ ਸੂਬੇ ਭਰ 'ਚ 25 ਥਾਵਾਂ 'ਤੇ ਆਵਾਜ਼ ਅਤੇ ਰੋਸ਼ਨੀ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 25 ਥਾਵਾਂ 'ਚੋਂ 22 ਜ਼ਿਲਾ ਹੈੱਡਕੁਆਰਟਰ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸਥਾਨ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਕੰਢਿਆਂ 'ਤੇ 15 ਸਥਾਨਾਂ 'ਤੇ 45 ਮਿੰਟ ਦਾ ਮਲਟੀ ਮੀਡੀਆ ਸ਼ੋਅ ਕਰਵਾਇਆ ਜਾ ਰਿਹਾ, ਜਦਕਿ ਸੁਖਨਾ ਝੀਲ ਚੰਡੀਗੜ੍ਹ ਦੀ ਵੀ ਇਸ ਮੰਤਵ ਲਈ ਚੋਣ ਕੀਤੀ ਗਈ ਹੈ।  

ਇਸ ਮੌਕੇ ਆਈ. ਜੀ ਜਲੰਧਰ ਰੇਂਜ ਨੌਨਿਹਾਲ ਸਿੰਘ ਨੇ ਸੁਰੱਖਿਆ ਤੇ ਆਵਾਜਾਈ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਆਉਣ ਵਾਲੀਆਂ ਤਿੰਨਾਂ ਮੁੱਖ ਸੜਕਾਂ 'ਤੇ ਪਾਰਕਿੰਗ ਅਤੇ ਟੈਂਟ ਸਿਟੀ ਬਣਾਏ ਗਏ ਹਨ। ਪਾਰਕਿੰਗ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਮਿੰਨੀ ਬੱਸਾਂ, ਈ-ਰਿਕਸ਼ਾ ਆਦਿ ਰਾਹੀਂ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਸੁਰੱਖਿਆ ਪ੍ਰਬੰਧਾਂ ਦੇ ਸਬੰਧ 'ਚ ਵਿਸ਼ੇਸ਼ ਕੇਂਦਰਿਤ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਡਵੀਜ਼ਨਲ ਰੇਲਵੇ ਮੈਨੇਜਰ ਵਿਵੇਕ ਅਗਰਵਾਲ ਨੇ ਦੱਸਿਆ ਕਿ ਰੇਲਵੇ ਵਲੋਂ ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਲਈ 14 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ, ਜਿਨਾਂ ਦੀ ਸਮਾਂ ਸਾਰਣੀ ਅਗਲੇ ਚਾਰ ਦਿਨਾਂ ਤੱਕ ਜਾਰੀ ਕਰ ਦਿੱਤੀ ਜਾਵੇਗੀ। ਸੰਯੁਕਤ ਸਕੱਤਰ ਅਰੁਣ ਗੋਇਲ ਨੇ ਸਿਵਲ ਅਤੇ ਵਿਸ਼ੇਸ਼ ਕਰਕੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਵਿਘਨ ਆਵਾਜਾਈ ਅਤੇ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਲਾਈਵ ਸੰਚਾਰ ਵਿਵਸਥਾ ਕਾਇਮ ਕਰਨ ਅਤੇ ਲੋਕਾਂ ਨਾਲ ਕਿਸੇ ਵੀ ਤਰਾਂ ਦੀ ਸਾਂਝੀ ਕਰਨ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਵੱਟਸਐਪ ਆਦਿ ਦੀ ਸੁਯੋਗ ਵਰਤੋਂ ਕਰਨ।

ਉਨ੍ਹਾਂ ਦੂਰਸੰਚਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੀ. ਐੱਸ. ਐੱਨ. ਐੱਲ ਅਤੇ ਦੂਰਸੰਚਾਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਹੋਰਨਾਂ ਕੰਪਨੀਆਂ ਕੋਲੋਂ ਸੁਲਤਾਨਪੁਰ ਲੋਧੀ ਅਤੇ ਨੇੜਲੇ ਇਲਾਕਿਆਂ ਲਈ ਪਹਿਲਾਂ ਦਿੱਤਾ ਜਾ ਰਿਹਾ ਮੋਬਾਈਲ ਡਾਟਾ ਅਤੇ ਸਪੀਡ 'ਚ ਵੱਡਾ ਵਾਧਾ ਕਰਨ, ਕਿਉਂਕਿ ਵਰਤਮਾਨ ਸਮੇਂ 'ਚ ਆਬਾਦੀ ਅਨੁਪਾਤ ਅਨੁਸਾਰ ਡਾਟਾ ਤੇ ਸਪੀਡ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਐੱਮ. ਐੱਸ. ਜੱਗੀ, ਆਈ. ਜੀ ਨੌਨਿਹਾਲ ਸਿੰਘ, ਡੀ.ਸੀ ਇੰਜ: ਡੀ. ਪੀ. ਐੱਸ ਖਰਬੰਦਾ, ਏ. ਆਈ. ਜੀ ਇੰਦਰਬੀਰ ਸਿੰਘ, ਐੱਸ. ਐੱਸ. ਪੀ. ਸਤਿੰਦਰ ਸਿੰਘ, ਕੇਂਦਰੀ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਨਿਰਮਲਾ ਗੋਇਲ ਆਦਿ ਹਾਜ਼ਰ ਸਨ।


rajwinder kaur

Content Editor

Related News