ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਬੰਦ ਦਾ ਐਲਾਨ, ਪੁਲਸ ਕਪਤਾਨ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ DC ਨੂੰ ਕੀਤੀ ਇਹ ਅਪੀਲ
Saturday, Apr 30, 2022 - 01:14 AM (IST)
ਪਟਿਆਲਾ : ਪਟਿਆਲਾ 'ਚ ਹੋਈ ਹਿੰਸਕ ਝੜਪ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਤੇ ਹੋਏ ਹਮਲੇ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਅੱਜ ਸ਼ਨੀਵਾਰ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਹਿੰਦੂ ਸੰਗਠਨਾਂ ਵੱਲੋਂ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਹਿੰਦੂ ਸੰਗਠਨਾਂ ਨੇ ਪੁਲਸ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਹਿਲਾਂ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ। ਇਸ ਕਾਰਨ ਕਾਲੀ ਮਾਤਾ ਮੰਦਰ ਦੇ ਬਾਹਰ ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਦੌਰਾਨ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਨੇ ਡਿਪਟੀ ਕਮਿਸ਼ਨਰ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਸਥਿਤੀ ਨੂੰ ਕਾਬੂ ਰੱਖਣ ਲਈ ਧਾਰਾ 144 ਲਾਗੂ ਕਰਨ ਤੋਂ ਇਲਾਵਾ ਹੋਰ ਯੋਗ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਪਟਿਆਲਾ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ।