ਨਸ਼ੇ ਦੇ ਖਾਤਮੇ ਲਈ ਲੋਕ ਲਹਿਰ ਉਸਾਰ ਕੇ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦੈ : ਬਡੂੰਗਰ
Sunday, Jul 01, 2018 - 05:37 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੀਆਂ ਜਥੇਬੰਦੀਆਂ ਦੇ ਉਦਮ ਉਪਰਾਲੇ ਦੀ ਸ਼ਲਾਘਾਯੋਗ ਕਰਕੇ ਨਸ਼ਾ ਵਿਰੋਧੀ ਮੁਹਿੰਮ ਦੀ ਹਮਾਇਤ ਕਰਦਿਆਂ ਕਿਹਾ ਕਿ ਸਮਾਜ 'ਚੋਂ ਨਸ਼ੇ ਦੇ ਖਾਤਮੇ ਲਈ ਲੋਕ ਲਹਿਰ ਉਸਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ 'ਚੋਂ ਨਸ਼ੇ ਦੀ ਜੜ੍ਹ ਪੁੱਟਣ ਲਈ ਵੱਡੀ ਗਿਣਤੀ 'ਚ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਬਡੂੰਗਰ ਨੇ ਨਸ਼ੇ ਦੇ ਸੇਵਨ ਨਾਲ ਹੋ ਰਹੀਆਂ ਮੌਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ 'ਚ ਅਜਿਹੇ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ 'ਚ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਨੂੰਨ ਅਤੇ ਅਹਿਮ ਫੈਸਲੇ ਲੈਣੇ ਚਾਹੀਦੇ ਹਨ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਕਾਰਜਕਾਲ ਦੌਰਾਨ ਅਜੌਕੀ ਪੀੜੀ ਨੂੰ ਨਸ਼ੇ ਅਤੇ ਸਮਾਜਕ ਕੁਰੀਤੀਆਂ ਤੋਂ ਬਚਾਉਣ ਲਈ ਅੰਤ੍ਰਿੰਗ ਕਮੇਟੀ 'ਚ ਅਹਿਮ ਫੈਸਲੇ ਕਰਕੇ ਬੱਚੇ, ਬੱਚੀਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਲਹਿਰ ਨਾਲ ਜੋੜਕੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਇਆ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ, ਕਾਲਜਾਂ 'ਚ ਚੰਗੀ ਸਿੱਖਿਆ ਦੇ ਨਾਲ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਸਾਂਭ ਕੇ ਰੱਖਿਆ ਜਾ ਸਕੇ।
ਸਾਬਕਾ ਪ੍ਰਧਾਨ ਨੇ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਭਵਿੱਖ ਅਜੌਕੀ ਪੀੜੀ ਨੂੰ ਸਹੀ ਰਾਹ 'ਤੇ ਲਿਆ ਕੇ ਬਚਾਇਆ ਜਾ ਸਕੇ। ਪ੍ਰੋ. ਬਡੂੰਗਰ ਨੇ ਨਸ਼ਾ ਮਾਮਲੇ 'ਤੇ ਅਪੀਲ ਕੀਤੀ ਹੈ ਕਿ ਨਸ਼ੇ ਦੇ ਖਾਤਮੇ ਲਈ ਸਰਕਾਰ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖਿਲਾਫ਼ ਸਖਤ ਕਦਮ ਉਠਾਵੇ।
