ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP ''ਚ ਰਿਕਾਰਡ ਵਾਧਾ ਪੰਜਾਬ ਲਈ ਵਰਦਾਨ: ਕੇਵਲ ਸਿੰਘ ਢਿੱਲੋਂ
Friday, Jul 17, 2026 - 08:47 PM (IST)
ਜਲੰਧਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੀ ਪਵਿੱਤਰ ਧਰਤੀ 'ਤੇ ਪਹੁੰਚਣ 'ਤੇ ਸਮੁੱਚੇ ਪੰਜਾਬੀਆਂ ਵੱਲੋਂ ਨਿੱਘਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਅਤੇ ਸੂਬੇ ਦੇ ਵਿਕਾਸ ਲਈ ਪੰਜਾਬ ਵਿੱਚ ਭਾਜਪਾ ਦੀ 'ਡਬਲ ਇੰਜਣ' ਸਰਕਾਰ ਬਣਾਉਣ ਦਾ ਸੱਦਾ ਦਿੱਤਾ।
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ, ਕਦੇ ਖਾਲੀ ਹੱਥ ਨਹੀਂ ਆਉਂਦੇ। ਅੱਜ ਵੀ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਅੱਜ ਜੋ ਆਧੁਨਿਕ ਹਾਈਵੇਅ, ਰੇਲਵੇ ਸਟੇਸ਼ਨ ਅਤੇ ਏਅਰਪੋਰਟ ਬਣ ਰਹੇ ਹਨ। ਜਿੱਥੇ ਦੁਨੀਆ ਦੇ ਵੱਡੇ ਦੇਸ਼ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਭਾਰਤ 7% ਵਿਕਾਸ ਦਰ ਨਾਲ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਆਰਥਿਕਤਾ ਬਣ ਚੁੱਕਾ ਹੈ।

ਯੂਰਪੀ ਸੰਘ ਨਾਲ ਹੋਏ ਵਪਾਰਕ ਸਮਝੌਤੇ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਇਸ ਨੂੰ "Mother of all Deals" ਦੱਸਿਆ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਲੁਧਿਆਣਾ ਦੀ ਹੌਜ਼ਰੀ ਤੇ ਸਾਈਕਲ ਇੰਡਸਟਰੀ, ਜਲੰਧਰ ਦਾ ਸਪੋਰਟਸ ਤੇ ਲੈਦਰ ਉਦਯੋਗ, ਬਟਾਲੇ ਦੀਆਂ ਮਸ਼ੀਨਾਂ ਅਤੇ ਪੰਜਾਬ ਦੀ ਬਾਸਮਤੀ, ਫਲ ਤੇ ਸਬਜ਼ੀਆਂ ਬਿਨਾਂ ਕਿਸੇ ਟੈਕਸ ਦੇ 27 ਯੂਰਪੀਅਨ ਦੇਸ਼ਾਂ ਵਿੱਚ ਜਾ ਸਕਣਗੀਆਂ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਦੁੱਧ ਅਤੇ ਕਣਕ ਨੂੰ ਇਸ ਡੀਲ ਤੋਂ ਬਾਹਰ ਰੱਖ ਕੇ ਵੱਡਾ ਫੈਸਲਾ ਲਿਆ ਹੈ।
ਖੁਦ ਨੂੰ ਇੱਕ ਕਿਸਾਨ ਦਾ ਪੁੱਤਰ ਦੱਸਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਕਿਸਾਨਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਾਂਗਰਸ ਸਰਕਾਰ ਦੇ ਸਮੇਂ ਦੀ ਤੁਲਨਾ ਕਰਦਿਆਂ ਕਿਹਾ ਕਿ "ਪਹਿਲਾਂ ਕਾਂਗਰਸ ਰਾਜ ਵਿੱਚ ਜਦੋਂ ਪੰਜਾਬ ਦਾ ਵਫ਼ਦ ਐਮ.ਐਸ.ਪੀ. (MSP) ਵਧਾਉਣ ਦੀ ਮੰਗ ਲੈ ਕੇ ਦਿੱਲੀ ਜਾਂਦਾ ਸੀ, ਤਾਂ ਬੜੀ ਮੁਸ਼ਕਿਲ ਨਾਲ ਸਿਰਫ਼ 10-15 ਰੁਪਏ ਦਾ ਵਾਧਾ ਮਿਲਦਾ ਸੀ। ਪਰ ਮੋਦੀ ਸਰਕਾਰ ਨੇ ਬਿਨਾਂ ਮੰਗੇ ਹੀ ਇਸ ਵਾਰ ਕਣਕ ਦੀ MSP ਵਿੱਚ ਰਿਕਾਰਡ 160 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।"
ਉਨ੍ਹਾਂ ਦੱਸਿਆ ਕਿ ਇਸੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਦੇ 30 ਹਜ਼ਾਰ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਗਏ ਹਨ। ਇਸ ਤੋਂ ਇਲਾਵਾ ਖਾਦਾਂ 'ਤੇ 38 ਹਜ਼ਾਰ ਕਰੋੜ ਦੀ ਸਬਸਿਡੀ ਅਤੇ 'ਪੀ.ਐਮ. ਕਿਸਾਨ ਸਨਮਾਨ ਨਿਧੀ' ਰਾਹੀਂ ਲੱਖਾਂ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ।

ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਬੋਲਦਿਆਂ ਭਾਜਪਾ ਪ੍ਰਧਾਨ ਨੇ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਭ੍ਰਿਸ਼ਟਾਚਾਰ ਅਤੇ ਭਾਰੀ ਕਰਜ਼ੇ ਦੀ ਦਲਦਲ ਵਿੱਚ ਫਸ ਚੁੱਕਾ ਹੈ। ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਮੁਲਾਜ਼ਮਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।
ਕੇਵਲ ਸਿੰਘ ਢਿੱਲੋਂ ਨੇ ਭਰੋਸਾ ਜਤਾਇਆ ਕਿ ਪੰਜਾਬ ਨੂੰ ਇਸ ਸੰਕਟ ਵਿੱਚੋਂ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੀ ਕੱਢ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਤਰੱਕੀ ਦੀ ਨਵੀਂ ਇਬਾਰਤ ਲਿਖਣ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ 'ਸਰਕਾਰ-ਏ-ਖਾਲਸਾ' ਵਾਲੇ ਆਦਰਸ਼ਾਂ 'ਤੇ ਚੱਲ ਕੇ ਸਭ ਕਾਸੇ ਦਾ ਵਿਕਾਸ ਕਰਨ ਅਤੇ ਅਮਨ-ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
