ਲੁਧਿਆਣਾ ''ਚ ਹਿੱਟ ਐਂਡ ਰਨ ਦਾ ਮਾਮਲਾ! ਕੰਮ ਤੋਂ ਪਰਤ ਰਹੇ ਬਜ਼ੁਰਗ ਦੀ ਦਰਦਨਾਕ ਮੌਤ
Wednesday, Jun 10, 2026 - 06:37 PM (IST)
ਲੁਧਿਆਣਾ (ਰਾਜ): ਮਹਾਨਗਰ ਦੇ ਤਾਜਪੁਰ ਰੋਡ ਇਲਾਕੇ ਵਿਚ ਰਫ਼ਤਾਰ ਦੇ ਕਹਿਰ ਨੇ ਇਕ ਹਸਦੇ-ਖੇਡਦੇ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਇੱਥੇ ਘੰਟਾਘਰ ਦੇ ਨੇੜੇ ਸਥਿਤ ਇਕ ਢਾਬੇ 'ਤੇ ਕੰਮ ਕਰਨ ਵਾਲੇ ਬਜ਼ੁਰਗ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਬਜ਼ੁਰਗ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਮੁਲਜ਼ਮ ਚਾਲਕ ਹਾਦਸੇ ਮਗਰੋਂ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਰਿਹਾ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ, ਜੋ ਐਕਟਿਵਾ 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਪਰਤ ਰਿਹਾ ਸੀ।
ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾਇਆ ਗਿਆ। ਪੁਲਸ ਨੇ ਮ੍ਰਿਤਕ ਦੀ ਪਤਨੀ ਲਕਸ਼ਮੀ ਦੇਵੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਗੈਰ-ਇਰਾਦਾ ਕਤਲ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਬਾਰੇ ਪਤਾ ਲਗਾਇਆ ਜਾ ਸਕੇ।
