ਪਹਿਲਾਂ ਹਾਕੀ ਖਿਡਾਰੀ ਦਾ ਕੀਤਾ ਸੀ ਕਤਲ, ਹੁਣ ਜ਼ਮਾਨਤ ''ਤੇ ਬਾਹਰ ਆ ਕੇ ਪਿਤਾ ਨੂੰ ਵੀ ਦਿੱਤੀ ਜਾਨੋਂ ਮਾਰਨ ਦੀ ਧਮਕੀ

07/05/2024 1:16:20 PM

ਬਠਿੰਡਾ (ਸੁਖਵਿੰਦਰ) : ਪਿੰਡ ਪੂਹਲੀ ਵਿਖੇ 2016 ’ਚ ਹਾਕੀ ਖਿਡਾਰੀ ਮਨਜੀਤ ਸਿੰਘ ਦਾ ਪਿੰਡ ਦੇ ਹੀ ਇਕ ਨਸ਼ੇੜੀ ਅਤੇ ਉਸਦੇ ਪਿਤਾ ਵੱਲੋਂ ਘਰ ਵਿਚ ਦਾਖਲ ਹੋ ਕੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਕੁਝ ਦਿਨ ਪਹਿਲਾਂ ਮੁਲਜ਼ਮ ਪੱਕੀ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆ ਗਿਆ ਅਤੇ ਮਨਜੀਤ ਸਿੰਘ ਦੇ ਪਿਤਾ ਸੰਤੋਖ ਸਿੰਘ ਜੋ ਕਿ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਹਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਐੱਸ. ਐੱਚ. ਓ. ਨਥਾਣਾ ਨੂੰ ਦਰਖਾਸਤ ਵੀ ਦਿੱਤੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫਦ ਐੱਸ. ਐੱਸ. ਪੀ. ਨੂੰ ਮਿਲਿਆ।

ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ ਅਤੇ ਰਜਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੂਰੇ ਮਸਲੇ ਵਿਚ ਨਾਥਾਣਾ ਥਾਣੇ ਦੀ ਢਿੱਲੀ ਕਾਰਗੁਜ਼ਾਰੀ ਰਹੀ। ਕਿਸਾਨ ਆਗੂ ਦੀ ਜ਼ਿੰਦਗੀ ਖਤਰੇ ਵਿਚ ਹੈ। ਉਨ੍ਹਾਂ ਐੱਸ. ਐੱਸ. ਪੀ. ਨੂੰ ਮੰਗ-ਪੱਤਰ ਸੌਂਪ ਕੇ ਮੁਲਜ਼ਮ ਦੀ ਜ਼ਮਾਨਤ ਰੱਦ ਕਰ ਕੇ ਉਸ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਐੱਸ. ਐੱਸ. ਪੀ. ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਡੀ. ਐੱਸ. ਪੀ. ਭੁੱਚੋ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਜੋ 10 ਤਕ ਐੱਸ. ਐੱਸ. ਪੀ. ਨੂੰ ਰਿਪੋਰਟ ਕਰਨਗੇ। ਆਗੂਆਂ ਨੇ ਕਿਹਾ ਕਿ ਜੇਕਰ ਮੁਲਜ਼ਮ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ, ਜਸਵੰਤ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ।


Gurminder Singh

Content Editor

Related News