ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਦੂਜਾ ਪੜਾਅ

Monday, Mar 06, 2023 - 11:17 AM (IST)

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਦੂਜਾ ਪੜਾਅ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 8 ਮਾਰਚ ਤੱਕ ਚੱਲੇਗਾ। ਇਸ ਤੋਂ ਪਹਿਲਾਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 3 ਤੋਂ 5 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਮਨਾਏ ਜਾ ਰਹੇ ਤਿੰਨ ਦਿਨਾਂ ਇਸ ਕੌਮੀ ਜੋੜ ਮੇਲੇ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ, ਉਥੇ ਹੀ ਇਸ ਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਇਸ ਕੌਮੀ ਤਿਉਹਾਰ ਨੂੰ ਮਨਾਉਣ ਲਈ ਪੂਰੇ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਦੋ ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਕਿਉਂ

ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਸਮੁੱਚਾ ਪ੍ਰਸ਼ਾਸਨ ਇਸ ਜੋੜ ਮੇਲ ਨੂੰ ਕਾਮਯਾਬ ਕਰਨ ਲਈ ਪਿਛਲੇ ਕਈ ਹਫ਼ਤਿਆਂ ਤੋਂ ਮਿਹਨਤ ਕਰ ਰਿਹਾ ਹੈ। ਗੁਰੂ ਨਗਰੀ ਦੀ ਸਾਫ਼-ਸਫ਼ਾਈ ਅਤੇ ਸਜਾਵਟ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਾਰੇ ਮਹਿਕਮਿਆਂ ਦੇ ਅਧਿਕਾਰੀ ਦਿਨ ਰਾਤ ਕੰਮ ਕਰ ਰਹੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਗੱਠੜੀ ਘਰ, ਜੋੜਾ ਘਰ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਗੈਰ-ਸਮਾਜੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਤਖ਼ਤ ਸਾਹਿਬ ਦੀ ਹਦੂਦ ਅੰਦਰ ਵੱਡੀ ਗਿਣਤੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਹੋਲਾ-ਮਹੱਲਾ ਦੌਰਾਨ ਤਖ਼ਤ ਸਾਹਿਬ ਵਿਖੇ ਜਿੱਥੇ ਲਗਾਤਾਰ ਅੰਮ੍ਰਿਤ-ਸਚਾਰ ਹੋਵੇਗਾ, ਉੱਥੇ ਹੀ ਤਖ਼ਤ ਸਾਹਿਬ ਵਿਖੇ ਦਿਨੋ ਦਿਨ ਧਾਰਮਿਕ ਦੀਵਾਨ ਸਜਣਗੇ ਜਿਸ ’ਚ ਉੱਚ ਕੋਟੀ ਦੇ ਰਾਗੀ, ਢਾਡੀ ਜਥਿਆਂ ਅਤੇ ਕਵੀ ਸਾਹਿਬਾਨ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਮੇਲੇ ਦੌਰਾਨ ਜਾਮ ਦੀ ਸਥਿਤੀ ਤੋਂ ਸੰਗਤਾਂ ਅਤੇ ਆਮ ਲੋਕਾਂ ਨੂੰ ਪਰੇਸ਼ਾਨ ਹੋਣ ਤੋਂ ਬਚਾਉਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ, ਐੱਸ. ਡੀ. ਐੱਮ. ਮਨੀਸ਼ਾ ਰਾਣਾ ਸਾਰੀ ਸਥਿਤੀ ’ਤੇ ਆਪਣੀ ਪੈਨੀ ਨਜ਼ਰ ਰੱਖ ਰਹੇ ਹਨ।

ਇਹ ਵੀ ਪੜ੍ਹੋ : ਖਰੜ ਤੋਂ ਰੂਪਨਗਰ ਘੁੰਮਣ ਆਏ 3 ਦੋਸਤਾਂ ਨਾਲ ਵਾਪਰੀ ਅਣਹੋਣੀ, ਭਾਖੜਾ ਨਹਿਰ 'ਚ ਡੁੱਬੇ ਦੋ ਨੌਜਵਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News