ਹੋਲਾ-ਮਹੱਲਾ ਦੀਆਂ ਤਿਆਰੀਆਂ ਜ਼ੋਰਾਂ 'ਤੇ, SDM ਨੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Monday, Feb 20, 2023 - 06:28 PM (IST)

ਹੋਲਾ-ਮਹੱਲਾ ਦੀਆਂ ਤਿਆਰੀਆਂ ਜ਼ੋਰਾਂ 'ਤੇ, SDM ਨੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ/ਸੰਧੂ)-ਹੋਲਾ ਮਹੱਲਾ ਦੌਰਾਨ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ’ਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਸੰਗਤਾਂ ਲਈ ਸੁਚਾਰੂ ਤੇ ਢੁੱਕਵੇ ਪ੍ਰਬੰਧ ਕਰਨ ਲਈ ਸਾਰੇ ਵਿਭਾਗਾਂ ਦੇ ਅਧਿਕਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ। ਇਹ ਪ੍ਰਗਟਾਵਾ ਮਨੀਸ਼ਾ ਰਾਣਾ ਆਈ. ਏ. ਐੱਸ. ਉੱਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੋਲਾ ਮਹੱਲਾ ਦੇ ਅਗਾਊ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਲਾ ਖੇਤਰ ਨੂੰ ਸੈਕਟਰਾਂ ’ਚ ਵੰਡਿਆ ਗਿਆ ਹੈ। ਹੋਲਾ-ਮਹੱਲਾ ਦੌਰਾਨ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ, ਜੋ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗਾਂ ਕਰਕੇ ਸਮੁੱਚੇ ਮੇਲਾ ਖੇਤਰ ’ਚ ਟ੍ਰੈਫਿਕ ਅਤੇ ਸੁਰੱਖਿਆ ਦੇ ਸੁਚਾਰੂ ਪ੍ਰਬੰਧਾਂ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ।

ਸਿਹਤ ਸਹੂਲਤਾਂ ਲਈ ਮੈਡੀਕਲ ਡਿਸਪੈਂਸਰੀਆਂ, ਡਾਕਟਰ ਅਤੇ ਮੈਡੀਕਲ ਸਟਾਫ਼ ਦੀ ਮੇਲਾ ਖੇਤਰ ਵਿੱਚ ਤਾਇਨਾਤੀ, ਐਂਬੂਲੈਂਸਾਂ ਦਾ ਪ੍ਰਬੰਧ ਅਤੇ ਰੈੱਡ ਕਰਾਸ ਵੱਲੋਂ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਿਰਵਿਘਨ ਜਲ ਸਪਲਾਈ ਅਤੇ ਟਾਇਲਟ ਬਲਾਕ ਲੋੜੀਂਦੀਆਂ ਢੁੱਕਵੀਆਂ ਥਾਵਾਂ ’ਤੇ ਸਥਾਪਿਤ ਕਰਨ ਅਤੇ ਇਨ੍ਹਾਂ ਦੀ ਸਫ਼ਾਈ ਅਤੇ ਰੱਖ ਰਖਾਓ ਲਈ ਡਿਊਟੀਆਂ ਲਗਾ ਦਿੱਤੀਆਂ ਹਨ। ਸ਼ਹਿਰ ’ਚ ਫੌਗਿੰਗ ਅਤੇ ਸਫ਼ਾਈ ਦੀ ਹੋਲਾ-ਮਹੱਲਾ ਦੌਰਾਨ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ :ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਰਿਸ਼ਵਤ ਮਾਮਲੇ ਨੂੰ ਲੈ ਕੇ ਕਹੀ ਵੱਡੀ ਗੱਲ

PunjabKesari

ਹੋਲਾ-ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸ਼ਟਲ ਬੱਸ ਸੇਵਾ ਨਿਰਵਿਘਨ ਚਲਾਈ ਜਾਵੇਗੀ। ਮੇਲੇ ਦੌਰਾਨ ਖਾਣ ਪੀਣ ਦੀਆਂ ਦੁਕਾਨਾ ਦੀ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਸ਼ਰਧਾਲੂਆਂ ਨੂੰ ਮਿਆਰੀ ਖਾਦ ਪਦਾਰਥ ਮਿਲ ਸਕਣ। ਉਨ੍ਹਾਂ ਨੇ ਕਿਹਾ ਕਿ ਮੇਲੇ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸੁਚਾਰੂ ਹੋਣ। ਉਨ੍ਹਾਂ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨ ਤਾਂ ਜੋ ਦੂਰ ਦੂਰਾਡੇ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੋਲਾ-ਮਹੱਲਾ ਦੇ ਪ੍ਰਬੰਧਾ ਸਬੰਧੀ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੇਲਾ ਖੇਤਰ ਦਾ ਦੌਰਾ ਕਰਕੇ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨਿਰੰਤਰ ਦੌਰਾ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਮੌਕੇ ਡੀ. ਐੱਸ. ਪੀ. ਅਜੇ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਕਸੀਅਨ ਹਰਜੀਤਪਾਲ, ਦਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਹਰਬਖਸ਼ ਸਿੰਘ, ਐੱਸ. ਐੱਮ. ਓ. ਚਰਨਜੀਤ ਕੁਮਾਰ, ਡਾ.ਦਲਜੀਤ ਕੌਰ, ਐੱਸ. ਡੀ. ਓ. ਸੁਰਿੰਦਰਪਾਲ, ਵਿਵੇਕ ਦੁਰੇਜਾ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਸਬੰਧੀ ਭਖਣ ਲੱਗੀ ਸਿਆਸਤ, ਕਈ ਵੱਡੇ ਅਕਾਲੀ ਤੇ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ


author

shivani attri

Content Editor

Related News