ਸ੍ਰੀ ਅਨੰਦਪੁਰ ਸਾਹਿਬ 'ਚ ਹੋਲੇ-ਮਹੱਲੇ ਦੀਆਂ ਲੱਗੀਆਂ ਰੌਣਕਾਂ, ਲੱਖਾਂ ਦੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ

03/25/2024 5:47:41 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾਏ ਜਾ ਰਹੇ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਦੂਜਾ ਪੜਾਅ ਐਤਵਾਰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੇ ਜਾਹੋ-ਜਲਾਲ ਅਤੇ ਪੁਰਾਤਨ ਰਵਾਇਤਾਂ ਅਨੁਸਾਰ ਸ਼ੁਰੂ ਹੋ ਗਿਆ। ਬੀਤੇ ਦਿਨ ਸਵੇਰੇ ਖਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲੇ-ਮਹੱਲੇ ਦਾ ਅੱਜ ਦੂਜਾ ਦਿਨ ਹੈ। ਹੋਲੇ-ਮਹੱਲੇ ਮੌਕੇ ਖਾਲਸੇ ਦੀ ਧਰਤੀ 'ਤੇ ਬੇਹੱਦ ਰੌਣਕਾਂ ਲੱਗੀਆਂ ਹੋਈਆਂ ਹਨ। ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋ ਰਹੇ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਕਾਮੇਡੀਅਨ ਸੰਦੀਪ ਉਰਫ਼ ਪਤੀਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਘਟਨਾ CCTV 'ਚ ਕੈਦ

ਹੋਲੇ-ਮਹੱਲੇ ਦੇ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਰਜਿੰਦਰ ਸਿੰਘ ਮਹਿਤਾ ਸਕੱਤਰ ਅਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਰਬੰਸ ਦਾਨੀ ਸਾਹਿਬੇ ਕਮਾਲ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1700 ਨੂੰ ਹੋਲੀ ਖੇਡ ਦੇ ਮਾਡ਼ੇ ਪ੍ਰਭਾਵ ਤੋਂ ਹਟ ਕੇ ਵਿਲੱਖਣ ਰੂਪ ’ਚ ਹੋਲਾ ਮਨਾਉਣ ਦੀ ਰਿਵਾਇਤ ਸ਼ੁਰੂ ਕੀਤੀ ਸੀ ਜੋ ਖਾਲਸਾ ਪੰਥ ਦੀ ਚਡ਼੍ਹਦੀ ਕਲਾ ਦਾ ਪ੍ਰਤੀਕ ਹੈ। ਉਨ੍ਹਾਂ ਇਸ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਜੀ ਵੱਲੋਂ ਬਖਸ਼ਿਸ਼ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ।

ਇਸ ਮੌਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਬਾਬਾ ਲੱਖਾ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਕਰਮਜੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਜਸਵੀਰ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੰਦੀਪ ਸਿੰਘ ਕਲੌਤਾ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਸਰੂਪ ਸਿੰਘ ਸਟੈਨੋ, ਜਗਨੰਦਨ ਸਿੰਘ, ਸੁਖਬੀਰ ਸਿੰਘ ਜਿੰਦਵੜੀ, ਦਵਿੰਦਰ ਸਿੰਘ ਸੂਰੇਵਾਲ, ਸੁਖਵੀਰ ਸਿੰਘ ਕਲਵਾਂ, ਬਲਜੀਤ ਸਿੰਘ ਚੰਦੂਮਾਜਰਾ, ਸਤਨਾਮ ਸਿੰਘ ਝੱਜ, ਹਰਦੇਵ ਸਿੰਘ ਦੇਬੀ, ਠੇਕੇਦਾਰ ਗੁਰਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਗੁਜਰਾਤ 'ਚ ਪੰਜਾਬ ਦੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਨਹਿਰ 'ਚ ਪਲਟੀ ਕੰਬਾਇਨ, 3 ਦੀ ਮੌਤ


 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

shivani attri

This news is Content Editor shivani attri