ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਚ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਤੋਂ ਸ਼ੁਰੂ

Friday, Feb 27, 2026 - 11:06 AM (IST)

ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਚ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਤੋਂ ਸ਼ੁਰੂ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਜਾਹੋ-ਜਲਾਲ ਦਾ ਪ੍ਰਤੀਕ ਸਲਾਨਾ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦਾ ਪਹਿਲਾ ਪੜਾਅ 27 ਫਰਵਰੀ ਤੋਂ ਪੁਰਾਤਨ ਸਿੱਖ ਰੀਤੀ ਰਵਾਇਤਾਂ ਅਨੁਸਾਰ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਤੋਂ ਸ਼ੁਰੂ ਹੋ ਰਿਹਾ ਹੈ। ਖਾਲਸਾਈ ਰਵਾਇਤਾਂ ਅਨੁਸਾਰ ਅੱਜ ਅੱਧੀ ਰਾਤ 12 ਵਜੇ ਕਿਲਾ ਆਨੰਦਗੜ੍ਹ ਸਾਹਿਬ ਵਿਚ ਸਥਾਪਿਤ ਪੰਜ ਪ੍ਰਾਚੀਨ ਨਗਾਰਿਆਂ ਨੂੰ ਵਜਾ ਕੇ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਸਵੇਰੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਸ਼ੁਰੂ ਹੋਵੇਗਾ, ਜੋਕਿ 1 ਮਾਰਚ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ 2 ਮਾਰਚ ਤੋਂ 4 ਮਾਰਚ ਤੱਕ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੀਤ ਮੈਨੇਜਰ ਭਾਈ ਸੁਖਬੀਰ ਸਿੰਘ ਨੇ ਦੱਸਿਆ ਕਿ 27 ਫਰਵਰੀ ਨੂੰ ਮੇਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ੁਰੂ ਹੋਵੇਗਾ। ਇਸ ਮੌਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜਣਗੀਆਂ, ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ, 2 ਮਾਰਚ ਨੂੰ ਆਨੰਦਪੁਰ ਸਾਹਿਬ ਵਿਚ ਦੂਜਾ ਪੜਾਅ ਸ਼ੁਰੂ ਹੋਵੇਗਾ ਅਤੇ 4 ਮਾਰਚ ਨੂੰ ਅੰਤਿਮ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਚਰਨ ਗੰਗਾ ਸਟੇਡੀਅਮ ਵਿਚ ਮੁਹੱਲਾ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ:  ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਛੇ ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲਾ ਜੋੜ ਮੇਲੇ ਦੌਰਾਨ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਗਿਆ ਹੈ। ਲੰਗਰ, ਪਾਣੀ, ਪਾਰਕਿੰਗ, ਰਹਾਇਸ਼, ਜੋੜੇ-ਘਰ ਅਤੇ ਗਠੜੀ ਘਰ ਸਮੇਤ ਸਫਾਈ ਦੇ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਪਾਤਾਲਪੁਰੀ ਸਾਹਿਬ ਨੇੜੇ ਵਾਟਰ-ਪਰੂਫ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ, ਜਿੱਥੇ ਲਗਭਗ 10,000 ਸ਼ਰਧਾਲੂ ਠਹਿਰ ਸਕਣਗੇ। 100 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ 20 ਕਿਲੋਮੀਟਰ ਖੇਤਰ ਵਿਚ ਆਉਣ ਵਾਲੀ ਸੰਗਤ ਦਾ ਬੀਮਾ ਵੀ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ ਦੇ ਮਹੰਤ ਮੋਹਤਮਿਮ ਬਾਬਾ ਦਿਲਬਾਗ ਮੁਹੰਮਦ ਸ਼ਾਹ ਨੇ ਦੱਸਿਆ ਕਿ ਦਰਗਾਹ ਦੇ ਸਮੂਹ ਪੁਜਾਰੀਆਂ ਸੇਵਾਦਾਰਾਂ ਵੱਲੋਂ ਸੰਗਤ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਕੱਲ ਸਵੇਰੇ 10 ਵਜੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਮੇਲੇ ਦੀ ਚੜ੍ਹਦੀ ਕਲਾ ਦੀ ਦੁਆ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਰੋਡ ਉੱਪਰ ਸਥਿਤ ਡੇਰਾ ਬਾਬਾ ਗੁਰਬਚਨ ਸਿੰਘ ਫੇਰੂਮਾਨ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਟੀਨਾ ਸਾਬਕਾ ਸਰਪੰਚ ਪਿੰਡ ਭਟੋਲੀ ਨੇ ਦੱਸਿਆ ਕਿ ਹੋਲਾ ਮਹੱਲਾ ਮੇਲੇ ਦੌਰਾਨ ਸੰਗਤ ਲਈ ਗੁਰੂ ਦਾ ਲੰਗਰ ਅਤੇ ਟਿੱਕੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਡੇਰਾ ਬਾਬਾ ਸ਼੍ਰੀ ਚੰਦ ਸ੍ਰੀ ਕੀਰਤਪੁਰ ਸਾਹਿਬ ਵਿਖੇ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਹੋਲਾ ਮਹੱਲਾ ਮੇਲੇ ਦੌਰਾਨ ਆਉਣ ਵਾਲੀ ਸੰਗਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ

ਜ਼ਿਲ੍ਹਾ ਸਿਹਤ ਵਿਭਾਗ, ਪੁਲਸ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਬਿਜਲੀ ਵਿਭਾਗ ਵੱਲੋਂ ਵੀ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ ਦੇ ਨਾਲ-ਨਾਲ ਗੁਰਦੁਆਰਾ ਪਾਤਾਲਪੁਰੀ ਸਾਹਿਬ, ਪੀ.ਐੱਚ.ਸੀ. ਕੀਰਤਪੁਰ ਸਾਹਿਬ, ਪਾਤਾਲਪੁਰੀ ਚੌਕ ਅਤੇ ਬਿਲਾਸਪੁਰ ਰੋਡ ’ਤੇ ਅਸਥਾਈ ਡਿਸਪੈਂਸਰੀਆਂ ਕਾਇਮ ਕੀਤੀਆਂ ਗਈਆਂ ਹਨ। ਬਿਜਲੀ ਵਿਭਾਗ ਵੱਲੋਂ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਸਾਫ਼ ਪੀਣ ਵਾਲੇ ਪਾਣੀ ਅਤੇ ਆਰਜੀ ਪਖਾਨਿਆਂ ਦੀ ਵੀ ਵਿਵਸਥਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੇਲੇ ਤੋਂ ਇਕ ਦਿਨ ਪਹਿਲਾਂ ਹੀ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਕੀਰਤਪੁਰ ਸਾਹਿਬ ਪਹੁੰਚ ਚੁੱਕੀ ਹੈ। ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ ਸਮੇਤ ਵੱਖ-ਵੱਖ ਗੁਰੂ ਘਰਾਂ ਵਿਚ ਸਵੇਰੇ ਤੋਂ ਹੀ ਰੌਣਕ ਰਹੀ ਅਤੇ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News