ਹਰ ਕਿਸੇ ਨੂੰ ਆਪਣੇ ਹਿਸਾਬ ਨਾਲ ਨਗਰ ਕੀਰਤਨ ਕੱਢਣ ਦਾ ਅਧਿਕਾਰ ਹੈ : ਗਿਆਨੀ ਰਘਵੀਰ ਸਿੰਘ

Saturday, Mar 07, 2020 - 04:39 PM (IST)

ਹਰ ਕਿਸੇ ਨੂੰ ਆਪਣੇ ਹਿਸਾਬ ਨਾਲ ਨਗਰ ਕੀਰਤਨ ਕੱਢਣ ਦਾ ਅਧਿਕਾਰ ਹੈ : ਗਿਆਨੀ ਰਘਵੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ (ਸੱਜਣ ਸੈਣੀ, ਦਲਜੀਤ ਸਿੰਘ ਅਰੋੜਾ) — ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 3 ਦਿਹਾੜਾ ਸਾਲਾਨਾ ਕੌਮੀ ਜੋੜ-ਮੇਲਾ ਹੋਲਾ-ਮਹੱਲਾ ਐਤਵਾਰ ਤੋਂ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਕੀਰਤਪੁਰ ਸਾਹਿਬ ਵਿਖੇ ਚੱਲ ਰਿਹਾ ਹੋਲਾ-ਮਹੱਲਾ ਦਾ ਪਹਿਲਾ ਪੜਾਅ ਅੱਜ ਸਮਾਪਤ ਹੋ ਗਿਆ। ਸਮਾਪਤੀ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਕੀਤੀ ਗਈ। ਬਾਰਿਸ਼ ਕਾਰਨ ਗੁਰਦੁਆਰਾ ਸਾਹਿਬ 'ਚ ਸ਼ਰਧਾਲੂਆਂ ਦੀ ਗਿਣਤੀ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਘੱਟ ਰਹੀ।

PunjabKesari

ਸਿੱਖ ਸੰਗਤਾਂ ਵੱਲੋਂ ਹੋਲੇ-ਮਹੱਲੇ 'ਤੇ ਡੇਰੇ 'ਚੋਂ ਕੱਢੇ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵੱਲੋਂ ਜਤਾਏ ਜਾ ਰਹੇ ਇਤਰਾਜ਼ 'ਤੇ ਜਦੋਂ ਗਿਆਨੀ ਰਘਵੀਰ ਸਿੰਘ ਤੋਂ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਸੰਪਰਦਾਇ ਭਾਵੇਂ ਨਿਹੰਗ ਜਥੇਬੰਦੀ ਹੋਣ ਹਰ ਕਿਸੇ ਨੂੰ ਆਪਣੇ-ਆਪਣੇ ਹਿਸਾਬ ਨਾਲ ਨਗਰ ਕੀਰਤਨ ਕੱਢਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਕਿਸੇ ਨੂੰ ਵੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਅੰਮ੍ਰਿਤਸਰ 'ਚ ਦਲ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਹੋਏ ਟਕਰਾਅ 'ਤੇ ਪੁੱਛੇ ਗਏ ਸਵਾਲ 'ਤੇ ਗਿਆਨੀ ਰਘਵੀਰ ਸਿੰਘ ਨੇ ਅਗਿਆਨਤਾ ਪ੍ਰਗਟਾਈ।

PunjabKesari

20 ਲੱਖ ਦੇ ਕਰੀਬ ਸੰਗਤ ਦੇ ਪਹੁੰਚਣ ਦੀ ਉਮੀਦ, ਕੀਤੇ ਗਏ ਖਾਸ ਪ੍ਰਬੰਧ
ਐੱਸ. ਜੀ. ਪੀ. ਸੀ. ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੋਲਾ-ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਹੋਲਾ-ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ 20 ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਰਿਹਾਇਸ਼, ਲੰਗਰ, ਜੋੜਾ-ਘਰ, ਗਠੜੀ ਘਰ ਅਤੇ ਸੁਰੱਖਿਆ ਆਦਿ ਦੇ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ।  

ਸ੍ਰੀ ਅਨੰਦਪੁਰ ਸਾਹਿਬ ਵਿਚ ਸੰਗਤਾਂ ਦੀ ਆਮਦ ਨੂੰ ਦੇਖਦੇ ਪ੍ਰਸ਼ਾਸ਼ਨ ਅਤੇ ਐੱਸ. ਜੀ. ਪੀ. ਸੀ. ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਡਾਇਵਰਜ਼ਨ ਪੁਆਇੰਟ ਬਣਾਏ ਗਏ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਨਕਸ਼ੇ ਵੀ ਲਗਾਏ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਵਾਹਨਾਂ ਦੀ  ਪਾਰਕਿੰਗ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸ਼ਨ ਵੱਲੋਂ ਸੰਗਤਾਂ ਲਈ 3 ਥਾਵਾਂ ਤੋਂ ਸ਼ਟਲ ਬੱਸਾਂ ਚਲਾਈਆਂ ਗਈਆ ਹਨ ਤਾਂ ਜੋ ਬਾਹਰੀ ਪਾਰਕਿੰਗ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ। ਤੁਹਾਨੂੰ ਦਸ ਦੇਈਏ ਕਿ ਇਹ ਸ਼ਟਲ ਬੱਸਾਂ ਬਿਲਕੁਲ ਫ੍ਰੀ ਹਨ।

ਇਹ ਵੀ ਪੜ੍ਹੋ: ਖਰਾਬ ਮੌਸਮ ਦੇ ਬਾਵਜੂਦ ਹੋਲੇ ਮਹੱਲੇ ਦੀਆਂ ਲੱਗੀਆਂ ਰੌਣਕਾਂ, ਵੱਡੀ ਗਿਣਤੀ ਸੰਗਤ ਨਤਮਸਤਕ

ਇੰਝ ਹੋਣਗੇ ਸਮਾਗਮ
ਹੋਲਾ-ਮਹੱਲਾ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ 8 ਮਾਰਚ ਨੂੰ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਜੀ ਗੁਰੂ ਸਾਹਿਬ ਦੇ ਪਾਵਨ ਸਾਸ਼ਤਰਾਂ ਦੇ ਸੰਗਤ ਨੂੰ ਦਰਸ਼ਨ ਕਰਵਾਉਗੇ ਅਤੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ।

PunjabKesari

ਉਨ੍ਹਾਂ ਦੱਸਿਆ ਕਿ ਤਖਤ ਸਾਹਿਬ ਵਿਖੇ 8 ਤੋਂ 10 ਮਾਰਚ ਸ਼ਾਮ ਤੱਕ ਲਗਾਤਾਰ ਧਾਰਮਿਕ ਦੀਵਾਨ ਸਜਣਗੇ, ਜਿਸ 'ਚ ਕੌਮ ਦੇ ਪੰਥ ਪ੍ਰਸਿੱਧ ਰਾਗੀ ਜੱਥਿਆਂ, ਢਾਡੀ ਜੱਥਿਆਂ ਅਤੇ ਕਥਾ ਵਾਚਕ ਸਾਹਿਬਾਨ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ ਜਾਵੇਗਾ। ਇਸੇ ਦਿਨ ਰਾਤ ਨੂੰ ਰਵਾਇਤੀ ਬਸੰਤ ਕੀਰਤਨ ਦਰਬਾਰ ਹੋਵੇਗਾ, ਜਿਸ 'ਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਮਤਿ ਦੇ ਰਾਗਾਂ 'ਤੇ ਆਧਾਰਤ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। 9 ਮਾਰਚ ਨੂੰ ਕਵੀ ਦਰਬਾਰ ਅਤੇ ਕਵੀਸ਼ਰ ਦਰਬਾਰ ਹੋਵੇਗਾ। 10 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ, ਉਪਰੰਤ ਰਵਾਇਤੀ ਮਹੱਲਾ (ਨਗਰ ਕੀਰਤਨ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਕਿਲ੍ਹਾ ਹੋਲਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਤਖਤ ਸਾਹਿਬ ਵਿਖੇ ਪਹੁੰਚੇਗਾ।

PunjabKesari

ਪੰਥ ਦੇ ਨਾਮ ਦਾ ਸੰਦੇਸ਼ ਹੋਵੇਗਾ ਜਾਰੀ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੰਘ-ਸਾਹਿਬਾਨ ਵੀ ਸ਼ਾਮਲ ਹੋ ਕੇ ਪੰਥ ਦੇ ਨਾਮ ਸੰਦੇਸ਼ ਜਾਰੀ ਕਰਨਗੇ।

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਹੋਲਗੜ੍ਹ ਸਾਹਿਬ, ਕਿਲਾ ਫਤਹਿਗੜ੍ਹ ਸਾਹਿਬ ਅਤੇ ਕਿਲਾ ਤਾਰਾਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਸਾਰੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਦੀਪਮਾਲਾਵਾਂ ਅਤੇ ਲੜੀਆਂ ਨਾਲ ਸਜਾਇਆ ਗਿਆ ਹੈ। ਉਧਰ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਦੇ ਰਵਾਇਤੀ ਦਲ ਘੋੜਿਆਂ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ।

PunjabKesari

ਇਹ ਵੀ ਪੜ੍ਹੋ: ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਪੁਰਾਤਨ ਨਗਾਰੇ ਵਜਾ ਹੋਈ ਹੋਲੇ ਮਹੱਲੇ ਦੀ ਸ਼ੁਰੂਆਤ


author

shivani attri

Content Editor

Related News