ਸਰਕਾਰ ਵੱਲੋਂ ਅੜਚਨਾਂ ਡਾਹੁਣ ਦੇ ਬਾਵਜੂਦ ਹੋਲੇ-ਮਹੱਲੇ ਮੌਕੇ ਪੁੱਜੀ ਲੱਖਾਂ ਦੀ ਗਿਣਤੀ ’ਚ ਸੰਗਤ: ਬੀਬੀ ਜਗੀਰ ਕੌਰ
Sunday, Mar 28, 2021 - 05:55 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ, ਚੋਵੇਸ਼ ਲਟਾਵਾ)-ਖ਼ਾਲਸੇ ਦੇ ਪਾਵਨ ਤਿਉਹਾਰ ਹੋਲੇ-ਮਹੱਲੇ ਵਿਚ ਸ਼ਮੂਲੀਅਤ ਕਰਨ ਤੋਂ ਰੋਕਣ ਲਈ ਭਾਵੇਂ ਪੰਜਾਬ ਸਰਕਾਰ ਨੇ ਕੋਈ ਕਸਰ ਨਹੀ ਛੱਡੀ ਪਰ ਫਿਰ ਵੀ ਸੰਗਤਾਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।
ਅੱਜ ਹੋਲੇ ਮਹੱਲੇ ’ਚ ਸ਼ਮੂਲੀਅਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਬੀਬੀ ਜਗੀਰ ਕੋਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੁੰਭ ਵਰਗੇ ਮੇਲੇ ਲਗ ਰਹੇ ਹਨ, ਦੂਜੇ ਸੂਬਿਆਂ ਵਿਚ ਵੱਡੀਆਂ-ਵੱਡੀਆਂ ਕਾਨਫਰੰਸਾਂ ਹੋ ਰਹੀਆਂ ਹਨ ਪਰ ਉਥੇ ਕਿਸੇ ਨੇ ਕੋਰੋਨਾ ਟੈਸਟ ਕਰਵਾਉਣ ਲਈ ਨਹੀਂ ਕਿਹਾ ਪਰ ਹੋਲੇ-ਮਹੱਲੇ ਮੌਕੇ ਪੰਜਾਬ ਦੀ ਕਾਂਗਰਸ ਸਰਕਾਰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਮ ’ਤੇ ਪੰਜਾਬ ਸਰਕਾਰ ਵੱਲੋਂ ਸੰਗਤਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਹੈ।
ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੀ ਜਗੀਰ ਕੌਰ ਨੇ ਕੀਤੀ ਨਿਖੇਧੀ
ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿਖੇ ਕੁੱਝ ਲੋਕਾਂ ਵਲੋਂ ਕੁੱਟਮਾਰ ਕਰਨ ਬਾਰੇ ਪੁਛਣ ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਇੰਨਾ ਵੱਡਾ ਮਸਲਾ ਜਲਦ ਹੱਲ ਕਰੇ ਪਰ ਅਫਸੋਸ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ, ਜਿਸ ਕਰਕੇ ਲੋਕਾਂ ਵਿਚ ਗੁੱਸਾ ਅਤੇ ਰੋਸ ਹੈ। ਉਨ੍ਹਾਂ ਕਿਹਾ ਲੋਕਾਂ ਦੀ ਮੰਗ ਜਾਇਜ਼ ਹੈ, ਜੋ ਪੂਰੀ ਹੋਵੇ। ਉਨ੍ਹਾਂ ਕਿਹਾ ਮਾਰਕੁੱਟ ਦੀ ਇਹ ਕਾਰਵਾਈ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਹੋਈ। ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਭਾਜਪਾ ਵਿਧਾਇਕ ਨੂੰ ਕੁੱਟਮਾਰ ਤੋਂ ਬਚਾਵੇ ਪਰ ਪੰਜਾਬ ਸਰਕਾਰ ਵਿਧਾਇਕ ਦੀ ਸੁਰੱਖਿਆ ਕਰਨ ਵਿਚ ਫੇਲ ਸਾਬਤ ਹੋਈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ‘ਚ ਦਿਨ ਦਿਹਾੜੇ ਕਤਲ ਹੋ ਰਹੇ ਹਨ, ਗੋਲੀਆਂ ਚਲ ਰਹੀਆਂ ਹਨ, ਲੁੱਟਾਂ ਖੋਹਾਂ ਹੋ ਰਹੀਆਂ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਵਿਚ ਫੇਲ ਸਾਬਤ ਹੋਈ ਹੈ। ਬੀਬੀ ਜਗੀਰ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਦੋਬਾਰਾ ਚੋਣਾਂ ਕਰਾਉਣ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ, ਜਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ, ਜਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਕਲੌਤਾ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਕਰਮ ਸਿੰਘ, ਜਸਵਿੰਦਰ ਕੌਰ ਸੱਗੂ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।