ਹੋਲੇ-ਮਹੱਲੇ ਮੌਕੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ’ਚ ਕਰਵਾਏ ਗਏ ਗਤਕਾ ਮੁਕਾਬਲੇ
Monday, Mar 29, 2021 - 02:30 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)- ਹੋਲੇ-ਮਹੱਲੇ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ। ਗੱਤਕਾ ਮੁਕਾਬਲੇ ਵਿਚ ਵੱਖ-ਵੱਖ ਸੂਬਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਕੇਸਰੀ ਰੰਗ ‘ਚ ਰੰਗੀ ਗਈ ‘ਗੁਰੂ ਨਗਰੀ’ ਸ੍ਰੀ ਕੇਸਗੜ੍ਹ ਸਾਹਿਬ, ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ
ਇਨ੍ਹਾਂ ਮੁਕਾਬਲਿਆਂ ਦੇ ਐਤਵਾਰ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪਰਦਾ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਅਹਿਮ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ’ਚ ਸੰਤ ਬਾਬਾ ਜਗਜੀਤ ਸਿੰਘ ਡੇਰਾ ਸੰਤਗਡ਼੍ਹ, ਹਰਖੋਵਾਲ, ਹੁਸ਼ਿਆਰਪੁਰ, ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਅਤੇ ਸ੍ਰ. ਹਰਵਿੰਦਰ ਸਿੰਘ ਖਾਲਸਾ ਬਠਿੰਡਾ ਨੂੰ ਬੁੱਢਾ ਦਲ ਦੇ ਤੀਜੇ ਮੁਖੀ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ ਯਾਦਗਾਰੀ ਐਵਾਰਡ, ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਜੀ ਨੂੰ ਬੁੱਢਾ ਦਲ ਦੇ ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਯਾਦਗਾਰੀ ਐਵਾਰਡ ਦਿੱਤਾ ਗਿਆ। ਸਨਮਾਨਤ ਸ਼ਖਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਸ਼ੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ, ਜਿਨ੍ਹਾਂ ਵੱਲੋਂ ਹਰ ਹੋਲਾ ਮਹੱਲਾ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਹਿਯੋਗ ਕਰਦੀ ਹੈ।
ਇਹ ਵੀ ਪੜ੍ਹੋ : ਕਿਸਾਨੀ ਕਾਨਫਰੰਸ ਦੌਰਾਨ ਬੋਲੇ ਰਾਜੇਵਾਲ, ਕਿਹਾ-ਮੋਦੀ ਦੇਸ਼ ਤੇ ਦੁਨੀਆ ਭਰ ’ਚ ਤਾਨਾਸ਼ਾਹ ਹਾਕਮ ਵਜੋਂ ਮਸ਼ਹੂਰ
ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਗਤਕਾ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਬੁਲਾਰਾ ਵਿਸ਼ੇਸ਼ ‘ਨਿਹੰਗ ਸਿੰਘ ਸੰਦੇਸ਼’ ਜਿਸ ਦੀ ਸੰਪਾਦਨਾ ਦਿਲਜੀਤ ਸਿੰਘ ਬੇਦੀ ਨੇ ਕੀਤੀ ਹੈ ਨੂੰ ਅੱਜ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋਡ਼ੀ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਸਮੂਹਕ ਤੌਰ ’ਤੇ ਰਿਲੀਜ਼ ਕੀਤਾ। ਮੰਚ ਦੀ ਸੇਵਾ ਉੱਘੇ ਪੰਥਕ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੇ ਨਿਭਾਈ। ਇਸ ਮੌਕੇ ਬਾਬਾ ਮਨਮੋਹਨ ਸਿੰਘ , ਬਾਬਾ ਜੋਗਾ ਸਿੰਘ , ਬਾਬਾ ਵੱਸਣ ਸਿੰਘ, ਬਾਬਾ ਨਾਗਰ ਸਿੰਘ , ਬਾਬਾ ਮੇਜਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਸੁਖਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ , ਬਾਬਾ ਰਣਜੋਧ ਸਿੰਘ , ਬਾਬਾ ਮਲੂਕ ਸਿੰਘ ਅਤੇ ਅਨੇਕਾਂ ਸੰਤ ਮਹਾਂਪੁਰਖ ਤੇ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ