ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਸਜਾਇਆ ਮਹੱਲਾ
Wednesday, Mar 31, 2021 - 02:17 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)- ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਦੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲ ਪੰਥ ਫ਼ੌਜਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ ਗਿਆ।
ਇਹ ਵੀ ਪੜ੍ਹੋ : ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ ਹੋਲਾ-ਮਹੱਲਾ
ਛਾਉਣੀ ਬੁੱਢਾ ਦਲ ਗੁਰੂੁ ਕੇ ਬਾਗ ਤੋਂ ਮਹੱਲੇ ਦੀ ਅਰੰਭਤਾ ਹੋਈ, ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ, ਬਾਬਾ ਗੁਰਦੇਵ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਮਾਨ ਸਿੰਘ ਮੜੀਆਂ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ ਬਾਬਾ ਨਾਹਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਜਥੇ ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿਖੀਵਿਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ: ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ।
ਇਹ ਵੀ ਪੜ੍ਹੋ : ਭਾਜਪਾ ਵੱਲੋਂ ਕੀਤੀ ਜਾ ਰਹੀ ਹੈ ਧਰੁਵੀਕਰਨ ਦੀ ਰਾਜਨੀਤੀ: ਗਿਆਨੀ ਹਰਪ੍ਰੀਤ ਸਿੰਘ
ਗੁ: ਸ਼ਹੀਦੀ ਬਾਗ ਤੋਂ ਆਰੰਭ ਹੋਇਆ ਮਹੱਲਾ ਗੁ: ਬਾਬਾ ਅਜੀਤਗੜ੍ਹ ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁ: ਗੁਰੂ ਕਾ ਬਾਗ ਸਾਹਿਬ ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੁੰਦਾ ਹੋਇਆਂ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾਂ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ, ਜਿੱਥੇ ਵੱਖ ਵੱਖ ਨਿਹੰਗ ਸਿੰਘ ਦਲਪੰਥ ਦੇ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾਏ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਅਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ’ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?