ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ
Friday, Mar 19, 2021 - 11:17 AM (IST)
ਰੂਪਨਗਰ (ਵਿਜੇ ਸ਼ਰਮਾ)- ਹੋਲਾ-ਮਹੱਲਾ ਵਿਚ ਆਉਣ ਵਾਲੀ ਸੰਗਤ ਲਈ ਕੋਰੋਨਾ ਰਿਪੋਰਟ ਨੂੰ ਨਾਲ ਲੈ ਕੇ ਬਣੀ ਦੁਚਿੱਤੀ ਦੀ ਸਥਿਤੀ ਨੂੰ ਲੈ ਕੇ ਰੋਪੜ ਦੀ ਡੀ. ਸੀ. ਨੇ ਮੁੜ ਸਫ਼ਾਈ ਦਿੰਦੇ ਕਿਹਾ ਹੈ ਕਿ ਸਿਰਫ਼ ਅੰਤਰਰਾਸ਼ਟਰੀ ਸ਼ਰਧਾਲੂਆਂ ਨੂੰ ਹੀ ਕੋਰੋਨਾ ਨੈਗੇਟਿਵ ਦੀ ਰਿਪੋਰਟ ਨਾਲ ਲੈ ਕੇ ਆਉਣ ਦੀ ਲੋੜ ਹੈ। ਕੋਵਿਡ ਮਾਮਲਿਆਂ ਵਿਚ ਹੋਏ ਤਾਜਾ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਨੇ ਸਾਰੇ ਅੰਤਰਰਾਸ਼ਟਰੀ ਸ਼ਰਧਾਲੂਆਂ, ਜੋ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਆ ਰਹੇ ਹਨ, ਨੂੰ ਆਪਣੇ ਨਾਲ 72 ਘੰਟੇ ਵਾਲੀ ਕੋਰੋਨਾ ਵਾਇਰਸ ਨੈਗੇਟਿਵ ਰਿਪੋਰਟ ਲੈ ਕੇ ਆਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਖੇਤਰੀਕਰਨ ਦੀ ਨੀਤੀ ਦਾ ਸਖ਼ਤ ਵਿਰੋਧ, ਕਿਹਾ-‘ਅਮਰਿੰਦਰ ਭਾਰਤੀਆਂ ਦੇ ਹੱਕ ’ਚ ਖੜ੍ਹਾ’
ਇਨ੍ਹਾਂ ਸ਼ਰਧਾਲੂਆਂ ਦੇ ਲਈ ਜਾਣਗੇ ਕੋਵਿਡ ਦੇ ਟੈਸਟ
ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜੋ ਸ਼ਰਧਾਲੂ 24 ਤੋਂ 29 ਮਾਰਚ ਤੱਕ ਮਨਾਏ ਜਾਣ ਵਾਲੇ ਸਮਾਰੋਹ ਦੌਰਾਨ ਹੋਟਲਾਂ ਵਿੱਚ ਰੁਕਣਗੇ, ਉਨ੍ਹਾਂ ਦਾ ਕੋਵਿਡ ਟੈਸਟ ਲਈ ਸੈਂਪਲ ਲਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੋਨਾਲੀ ਗਿਰੀ ਡਿਪਟੀ ਕਮਿਸਨਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਮੁੱਚੇ ਰਾਜ ਵਿੱਚ ਖਾਸ ਤੌਰ ਉਤੇ ਜ਼ਿਲ੍ਹਾ ਰੂਪਨਗਰ ਵਿੱਚ ਜਿਸ ਤਰ੍ਹਾਂ ਨਾਲ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੈਰਾਨੀਜਨਕ ਵਾਧਾ ਹੋਇਆ ਹੈ, ਉਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਇਹ ਮਹੱਤਵਪੂਰਨ ਫੈਸਲੇ ਲਏ ਗਏ ਹਨ ਤਾਂ ਜੋ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਕੋਰੋਨਾ ਵਾਇਰਸ ਦੇ ਜੋ ਸ਼ੱਕੀ ਮਰੀਜ਼ ਹਨ, ਉਨ੍ਹਾਂ ਦਾ ਚੰਗੀ ਤਰ੍ਹਾਂ ਧਿਆਨ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਬਿਨਾਂ ਸੱਕ ਹੋਲਾ-ਮਹੱਲਾ ਇਕ ਬਹੁਤ ਹੀ ਪਵਿੱਤਰ ਤਿਉਹਾਰ ਹੈ, ਜਿਸ ਦੀ ਧਾਰਮਿਕ ਤੌਰ ਉਤੇ ਵੀ ਕਾਫ਼ੀ ਮਹੱਤਤਾ ਹੈ ਪਰ ਅਜਿਹੇ ਔਖੇ ਸਮੇਂ ਵਿੱਚ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣਾ ਵੀ ਬਹੁਤ ਜ਼ਰੂਰੀ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਹੀ ਇਹ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਅੰਤਰਰਾਸ਼ਟਰੀ ਹਵਾਈ ਅੱਡਿਆਂ, ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਵੀ ਇਹ ਬੇਨਤੀ ਕੀਤੀ ਗਈ ਹੈ ਕਿ ਉਹ ਹੋਲਾ-ਮਹੱਲਾ ਵਿੱਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਉਤੇ ਨਜਰ ਰੱਖ ਕੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ :ਅੰਧ ਵਿਸ਼ਵਾਸ ਨੇ ਟੱਪੀਆਂ ਹੱਦਾਂ, ਜਲੰਧਰ ’ਚ ਮੰਗਲੀਕ ਅਧਿਆਪਕਾ ਨੇ ਰਚਾਇਆ 13 ਸਾਲਾ ਮੁੰਡੇ ਨਾਲ ਵਿਆਹ
ਸੋਨਾਲੀ ਗਿਰੀ ਨੇ ਜਨਤਕ ਸ਼ਰਧਾਲੂਆਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਹੋਲਾ-ਮਹੱਲਾ ਦਾ ਤਿਉਹਾਰ ਬੜੇ ਹੀ ਸੁਰੱਖਿਅਤ ਢੰਗ ਨਾਲ ਮਨਾਉਣ ਅਤੇ ਕੋਰੋਨਾ ਵਾਇਰਸ ਦੇ ਸਬੰਧ ਵਿਚ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਵਿੱਚ ਸ਼ਾਮਲ ਹੋਣ ਮੌਕੇ ਸ਼ਰਧਾਲੂਆਂ ਨੂੰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਇਕ ਦੂਜੇ ਤੋਂ ਦੋ ਗਜ਼ ਦੀ ਦੂਰੀ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਨਾਲ ਹੀ ਸੇਨੇਟਾਈਜ਼ਰ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ
ਜ਼ਿਲ੍ਹੇ ’ਚ ਰਾਤ 9 ਵਜੇ ਤੋਂ ਨਾਈਟ ਕਰਫ਼ਿਊ ਲਾਗੂ
ਇਸ ਤੋਂ ਇਲਾਵਾ ਸੂਬੇ ’ਚ ਤੇਜੀ ਨਾਲ ਵਧ ਰਹੇ ਕਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਕਈ ਜ਼ਿਲ੍ਹਿਆਂ ’ਚ ਨਾਇਟ ਕਰਫ਼ਿਊ ਲਾਗੂ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ’ਚ ਨਾਈਟ ਕਰਫ਼ਿਊ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਬਚਾਅ ਲਈ ਸੂਬਾ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ। ਉਨਾਂ ਕਿਹਾ ਕਿ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ