ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੱਲ ਤੋਂ ਸ਼ੁਰੂ

02/24/2018 1:13:02 AM

ਸ੍ਰੀ ਅਨੰਦਪੁਰ ਸਾਹਿਬ (ਵੀ.ਕੇ. ਅਰੋੜਾ) - ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਫਰਵਰੀ ਤੋਂ 2 ਮਾਰਚ ਤਕ ਸ੍ਰੀ ਕੀਰਤਪੁਰ ਸਾਹਿਬ ਅਤੇ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ੍ਹਸਾਹਿਬ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਅਤੇ ਪਵਿੱਤਰ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ।  ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਦੇ ਕੌਮੀ ਤਿਉਹਾਰ ਦੇ ਪਹਿਲੇ ਪੜਾਅ ਦੀ ਆਰੰਭਤਾ ਸ੍ਰੀ ਕੀਰਤਪੁਰ ਸਾਹਿਬ ਵਿਖੇ 25 ਫਰਵਰੀ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਜਿਸ ਦੀ ਸੰਪੂਰਨਤਾ 27 ਫਰਵਰੀ ਨੂੰ ਹੋਵੇਗੀ। ਇਸ ਤਰ੍ਹਾਂ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਪੜਾਅ ਦੀ ਆਰੰਭਤਾ 28 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ ਜਿਸਦੀ ਸੰਪੂਰਨਤਾ 2 ਮਾਰਚ ਨੂੰ ਹੋਵੇਗੀ ਅਤੇ 2 ਮਾਰਚ ਨੂੰ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਆਪਣੇ ਆਪਣੇ ਜਥੇ ਦੀ ਅਗਵਾਈ ਹੇਠ ਪੁਰਾਤਨ ਚਰਨਗੰਗਾ ਸਟੇਡੀਅਮ ਵਿਖੇ ਗੱਤਕੇਬਾਜ਼ੀ, ਨੇਜ਼ਾਬਾਜ਼ੀ ਅਤੇ ਘੋੜ ਸਵਾਰੀ ਦੇ ਜੌਹਰ ਦਿਖਾਉਣਗੇ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰ, ਸਿਹਤ ਸਹੂਲਤਾਂ ਆਦਿ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਗੁਰਧਾਮਾਂ ਨੂੰ ਰੰਗ-ਰੋਗਨ ਕਰਵਾ ਲਿਆ ਗਿਆ ਹੈ ਅਤੇ ਫੁੱਟਕਲ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ।  ਉਨ੍ਹਾਂ ਦੱਸਿਆ ਕਿ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਲੱਗਣ ਵਾਲੇ ਵੱਡੀ ਗਿਣਤੀ ਲੰਗਰਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਨੇ ਜਾਣਕਾਰੀ ਵਿਚ ਹੋਰ ਵਾਧਾ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੇਲੇ ਦੌਰਾਨ ਕਿਸੇ  ਅਣਸੁਖਾਵੀਂ ਘਟਨਾ ਨੂੰ ਠੱਲ੍ਹ ਪਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਇਲਾਵਾ ਲਗਭਗ 100 ਦੇ ਕਰੀਬ ਹੋਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਜਿਨ੍ਹਾਂ ਦਾ ਕੰਟਰੋਲ ਰੂਮ ਵੱਖਰੇ ਤੌਰ 'ਤੇ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਕੌਮੀ ਤਿਉਹਾਰ ਹੋਲੇ ਮਹੱਲੇ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਤੋਂ ਅਤੇ ਹੋਰ ਸ਼ਰਧਾਲੂਆਂ ਵੱਲੋਂ ਲਗਭਗ 200 ਤੋਂ ਜ਼ਿਆਦਾ ਲੰਗਰ ਲਗਾਏ ਜਾਣਗੇ ਜਿਨ੍ਹਾਂ ਸੰਬੰਧੀ ਲੰਗਰ ਕਮੇਟੀਆਂ ਨੂੰ ਲੰਗਰ ਦੌਰਾਨ ਸਫਾਈ ਰੱਖਣ ਲਈ ਅਤੇ ਹੋਰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਡੀਸ਼ਨਲ ਸਕੱਤਰ ਭਾਈ ਪਰਮਜੀਤ ਸਿੰਘ ਸਰੋਆ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਸਰੂਪ ਸਿੰਘ ਆਦਿ ਹਾਜ਼ਰ ਸਨ ।


Related News