ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਕੌਮੀ ਤਿਉਹਾਰ ਹੋਲਾ-ਮਹੱਲਾ
Thursday, Mar 13, 2025 - 11:37 AM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ,ਸੰਧੂ)-ਖਾਲਸਾਈ ਜਾਹੋ-ਜਹਾਲ ਦੇ ਪ੍ਰਤੀਕ ਸਲਾਨਾ ਤਿੰਨ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭਤਾ ਹੋਵੇਗੀ। ਇਸ ਤੋਂ ਪਹਿਲਾਂ 10 ਤੋਂ 12 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ’ਤੇ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਅੱਜ ਹੋਲਾ ਮਹੱਲਾ ਦੇ ਆਰੰਭਤਾ ਦੇ ਪਹਿਲੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਰੱਖੇ ਜਾਣਗੇ, ਜਿਨ੍ਹਾਂ ਦੇ ਭੋਗ 15 ਮਾਰਚ ਨੂੰ ਪੈਣਗੇ। ਤਿੰਨ ਰੋਜ਼ਾ ਹੋਲਾ-ਮਹੱਲਾ ਨੂੰ ਮਨਾਉਣ ਲਈ ਜਿੱਥੇ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉੱਥੇ ਹੀ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਹੋਲਾ-ਮਹੱਲਾ ਨੂੰ ਮਨਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ ਵੱਡਾ ਐਲਾਨ
ਸਿਵਲ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ, ਐੱਸ. ਪੀ. ਹੈੱਡਕੁਆਰਟਰ ਰਾਜਪਾਲ ਸਿੰਘ, ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਵੱਲੋਂ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਇਸ ਪਾਵਨ ਅਤੇ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ। ਡੀ. ਐੱਸ. ਪੀ. ਅਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲਾ ਖੇਤਰ ਦੀ ਹਦੂਦ ਅੰਦਰ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਗਲਤ ਅਨਸਰਾਂ 'ਤੇ ਨਜ਼ਰ ਰੱਖਣ ਲਈ ਜਿੱਥੇ ਹਜ਼ਾਰਾਂ ਹੀ ਪੁਲਸ ਮੁਲਾਜ਼ਮ ਸੰਗਤਾਂ ਦੀ ਸਹੂਲਤ ਲਈ ਤਾਇਨਾਤ ਕੀਤੇ ਗਏ ਹਨ ਉਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਲਗਾਏ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵੀ ਹਰ ਵਿਅਕਤੀ ’ਤੇ ਨਜ਼ਰ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2 ਦਿਨ ਪਵੇਗਾ ਭਾਰੀ ਮੀਂਹ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਗਰੀ ਤੇਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਗਠੜੀ ਘਰ ਜੋੜਾ ਘਰ ਸਮੇਤ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਭਾਜਪਾ ਆਗੂ 'ਤੇ ਦਿਨ-ਦਿਹਾੜੇ ਚਲਾ ਦਿੱਤੀਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਉਨ੍ਹਾਂ ਦੱਸਿਆ ਕਿ ਹੋਲਾ-ਮਹੱਲਾ ਨੂੰ ਲੈ ਕੇ ਪਿਛਲੇ ਤਕਰੀਬਨ ਇਕ ਹਫਤੇ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੋਣ ਲਈ ਸੰਗਤਾਂ ਦੀ ਭਾਰੀ ਭੀੜ ਉਮੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੇ ਵਧੀਆ ਹੋਣ ਕਾਰਨ ਇਸ ਵਾਰ ਪਿਛਲੇ ਸਾਲਾਂ ਨਾਲੋਂ ਵੀ ਵੱਧ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਉਮੀਦ ਹੈ। ਸਥਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਹੋਲਾ-ਮਹੱਲਾ ਦੌਰਾਨ ਤਿੰਨੋ ਦਿਨ ਤਖਤ ਸਾਹਿਬ ਦੀ ਉੱਪਰਲੀ ਮੰਜ਼ਿਲ ਉੱਪਰ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਦੇ ਤਿੰਨੇ ਦਿਨ ਤਖ਼ਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ ਜਿੱਥੇ ਉੱਚ ਕੋਟੀ ਦੇ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ ਕੰਧ, ਵਿਛੇ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e