ਪੰਜਾਬ ''ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਠੇਕੇ ਵੀ ਰਹਿਣਗੇ ਬੰਦ
Thursday, Sep 05, 2024 - 09:36 AM (IST)
ਬਟਾਲਾ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ। ਇਸ ਦੇ ਮੱਦੇਨਜ਼ਰ ਬਟਾਲਾ ਵਿਚ 10 ਸਤੰਬਰ ਨੂੰ ਛੁੱਟੀ ਰਹੇਗੀ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਚੱਲੀਆਂ ਗੋਲ਼ੀਆਂ; 4 ਦੀ ਮੌਤ, ਕਈ ਹੋਰ ਜ਼ਖ਼ਮੀ
ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਚਾਰ-ਵਟਾਂਦਰਾ ਕੀਤਾ।
ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿਚ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਈਨ ਬੋਰਡ ਲਗਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੀ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰ ਵੀ ਸੰਗਤਾਂ ਦੀ ਸਹਲੂਤ ਲਈ ਲਗਾਏ ਜਾਣਗੇ, ਜਿਸ ਲਈ ਉਨਾਂ ਮੀਟਿੰਗ ਵਿੱਚ ਹਾਜਰ ਕਮੇਟੀ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਆਵਾਜਾਈ ਸੁਖਾਲੀ ਰੱਖਣ ਦੇ ਮੰਤਵ ਨਾਲ ਰੂਟ ਪਲਾਨ ਤਿਆਰ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਤੇ ਪੁਲਸ ਵਿਭਾਗ ਦੀ ਟੀਮ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਅਤੇ ਖਾਸਕਰਕੇ ਨਗਰ ਕੀਰਤਨ ਦੇ ਸਮੁੱਚੇ ਰੂਟ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ।
ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲੋ-ਨਾਲ ਚੁੱਕਣ ਦੀ ਹਦਾਇਤ ਕੀਤੀ। ਉੁਨ੍ਹਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਲਗਾਤਾਰ ਰੋਜਾਨਾਂ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸੀਵਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ 'ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਹ ਖ਼ਬਰ ਵੀ ਪੜ੍ਹੋ - Breaking News: ED ਨੇ ਪੰਜਾਬ ਦੇ ਇਕ ਹੋਰ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ
ਮੀਟਿੰਗ ਦੌਰਾਨ ਉਨ੍ਹਾਂ ਸਿਹਤ, ਨੈਸ਼ਨਲ ਹਾਈਵੇ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਫਾਇਰ ਬ੍ਰਿਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਤੇ ਪਵਿੱਤਰ ਦਿਹਾੜੇ ਦੇ ਸਮਾਗਮਾਂ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਅਤੇ ਕਿਸੇ ਕਿਸਮ ਦੀ ਕੋਈ ਹੁੱਲੜਬਾਜ਼ੀ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਸਫਲਤਾਪੂਰਵਕ ਨੇਪਰੇ ਚਾੜੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8