ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸੁਲਤਾਨਪੁਰ ਲੋਧੀ ਦੇ ਸਕੂਲ-ਕਾਲਜ

Sunday, Nov 22, 2026 - 08:14 PM (IST)

ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸੁਲਤਾਨਪੁਰ ਲੋਧੀ ਦੇ ਸਕੂਲ-ਕਾਲਜ

ਸੁਲਤਾਨਪੁਰ ਲੋਧੀ (ਧੀਰ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ 23 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਵੱਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ 24 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸੁਲਤਾਨਪੁਰ ਲੋਧੀ ਪਹੁੰਚਣ ਦੀ ਸੰਭਾਵਨਾ ਹੈ, ਜਦਕਿ 23 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਸ਼ਹਿਰ ਵਿਚ ਸੰਗਤਾਂ ਦੀ ਭਾਰੀ ਆਮਦ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ 23 ਨਵੰਬਰ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ, ਉਨ੍ਹਾਂ ਸੰਸਥਾਵਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਅਤੇ ਪ੍ਰੀਖਿਆਵਾਂ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋਣਗੀਆਂ। ਸਕੂਲਾਂ ਵਿੱਚ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ), ਕਪੂਰਥਲਾ ਦੀ ਹੋਵੇਗੀ।


author

Anmol Tagra

Content Editor

Related News