ਕਰਜ਼ੇ ਤੋਂ ਪ੍ਰੇਸ਼ਾਨ ਹੋਮ ਗਾਰਡ ਜਵਾਨ ਨੇ ਕੀਤੀ ਖੁਦਕੁਸ਼ੀ

07/20/2017 5:32:26 AM

ਪਟਿਆਲਾ  (ਬਲਜਿੰਦਰ) — ਮੰਗਲਵਾਰ ਬੀਤੀ ਰਾਤ ਦੀਪ ਨਗਰ ਵਿਚ ਰਹਿ ਰਹੇ ਹੋਮ ਗਾਰਡ ਦੇ ਜਵਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਹਰਬੰਸ ਵੱਲੋਂ ਫਾਹਾ ਲੈਣ ਸਬੰਧੀ ਪਰਿਵਾਰ ਵਾਲਿਆਂ ਨੇ ਸੂਚਿਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ। ਉਸ ਨੇ ਘਰ ਬਣਾਉਣ ਲਈ 15 ਲੱਖ ਰੁਪਏ ਦਾ ਲੋਨ ਲਿਆ ਸੀ। ਇਸ ਤੋਂ ਇਲਾਵਾ ਉਸ ਦੇ ਖਿਲਾਫ ਥਾਣਾ ਦਿੜ੍ਹਬਾ ਵਿਖੇ ਕਿਸੇ ਵਿਅਕਤੀ ਵੱਲੋਂ ਕੋਈ ਸ਼ਿਕਾਇਤ ਵੀ ਦਿੱਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿਚ ਦਿੜ੍ਹਬਾ ਥਾਣੇ 'ਚ ਸ਼ਿਕਾਇਤ ਦੇਣ ਵਾਲੇ ਵਿਅਕਤੀ ਖਿਲਾਫ 306 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਮਲਹੋਤਰਾ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ  ਹਵਾਲੇ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਅਸਲ ਸੱਚ ਕੀ ਹੈ? ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।