ਕੈਪਟਨ ਨੇ ਟਰੂਡੋ ਨਾਲ ਲਾਹੇਵੰਦ ਗੱਲਬਾਤ ਦੀ ਉਮੀਦ ਪ੍ਰਗਟਾਈ

02/11/2018 3:08:00 AM

ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ 'ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ।
ਅੱਜ ਇੱਥੇ ਜਾਰੀ ਇਕ ਬਿਆਨ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਮੁਢਲਾ ਢਾਂਚਾ ਮੰਤਰੀ ਅਮਰਜੀਤ ਸਿੰਘ ਸੋਹੀ ਵੱਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ। 
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸੱਜਣ ਅਤੇ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਸੱਜਣ ਅਤੇ ਸ਼੍ਰੀ ਸੋਹੀ ਵੱਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਮਾਇਤੀ ਨਹੀਂ ਰਹੇ, ਨੇ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।


Related News