ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
Wednesday, Jan 30, 2019 - 10:22 AM (IST)

ਹੁਸ਼ਿਆਰਪੁਰ (ਜਤਿੰਦਰ)-ਖ਼ਾਲਸਾ ਕਾਲਜ ਗਡ਼੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਸੰਗੀਤ ਵਿਭਾਗ ਦੇ ਪ੍ਰੋਫੈਸਰ ਗੁਰਪਿੰਦਰ ਸਿੰਘ ਦੀ ਅਗਵਾਈ ਵਿਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਕੇ ਵਿਦਿਆਰਥੀਆਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਆਪੋ-ਆਪਣੇ ਧਰਮਾਂ ਦੇ ਗੁਰੂਆਂ ਦੀ ਵਡਿਆਈ ਸਭ ਧਰਮਾਂ ਦੇ ਲੋਕ ਕਰਦੇ ਹਨ ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਡਿਆਈ ਸਿੱਖਾਂ ਤੋਂ ਇਲਾਵਾ ਬਾਕੀ ਧਰਮਾਂ ਦੇ ਲੋਕ ਵੀ ਕਰਦੇ ਹਨ। ਉਨ੍ਹਾਂ ਦੌਲਤ ਰਾਏ, ਮੈਕਾਲਿਫ਼ ਅਤੇ ਅੱਲਾ ਯਾਰ ਖਾਂ ਜੋਗੀ ਦੀਆਂ ਲਿਖਤਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਦੂਜੇ ਧਰਮਾਂ ਦੇ ਲੋਕਾਂ ਨੇ ਵੀ ਇਹ ਪ੍ਰਵਾਨ ਕੀਤਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਗੈਰਤ ਤੇ ਅਣਖ ਦੀ ਜ਼ਿੰਦਗੀ ਜੀਉਣ ਦੀ ਜਾਚ ਸਿਖਾ ਕੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਵਿਚਾਰ ਕਰਦਿਆਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ ਅਤੇ ਸਿੱਖਿਆਵਾਂ ਉਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਾਬਾ ਗੁਰਦਿਆਲ ਸਿੰਘ ਡੇਰਾ ਮੁਖੀ ਦੁੱਖ ਭੰਜਨ ਸਤਿਸੰਗ ਘਰ ਟਾਂਡਾ ਉਡ਼ਮੁਡ਼ ਵਾਲਿਆਂ ਨੇ ਗੁਰਮਤਿ ਬਾਰੇ ਵਿਚਾਰ ਕਰਦਿਆਂ ਦੱਸਿਆ ਕਿ ਸਿਮਰਨ ਨਾਲ ਜੀਵ ਦੁੱਖ-ਸੁੱਖ ਤੋਂ ਉੱਪਰ ਉੱਠ ਕੇ ਅਨੰਦ ਦੀ ਅਵਸਥਾ ਵਿਚ ਪਹੁੰਚ ਜਾਂਦਾ ਹੈ। ਸਾਰੀ ਬਾਣੀ ਮਨੁੱਖੀ ਮਨ ਦੇ ਦੁਆਲੇ ਕੇਂਦਰਿਤ ਹੈ ਅਤੇ ਜਿਹਡ਼ਾ ਪ੍ਰਾਣੀ ਆਪਣਾ ਮਨ ਆਪਣੇ ਗੁਰੂ ਨੂੰ ਸਮਰਪਿਤ ਕਰ ਦਿੰਦਾ ਹੈ ਉਸਦੇ ਸਾਰੇ ਕਾਰਜ ਰਾਸ ਹੋ ਜਾਂਦੇ ਹਨ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਸਾਜਣ ਦੇ ਮਨੋਰਥ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਚੱਲਣ ਦਾ ਸੰਦੇਸ਼ ਵਿਦਿਆਰਥੀਆਂ ਨੂੰ ਦਿੱਤਾ। ਉਨ੍ਹਾਂ ਕੀਰਤਨ ਨਾਲ ਵੀ ਵਿਦਿਆਰਥੀਆਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅਖੀਰ ਵਿਚ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਮਾਗਮ ਵਿਚ ਪਹੁੰਚੀਆਂ ਸ਼ਖਸੀਅਤਾਂ ਨੂੰ ਸਿਰੋਪਾਓ ਤੇ ਕਾਲਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਅਰਦਾਸ ਉਪਰੰਤ ਦੇਗ ਵਰਤਾਈ ਗਈ ਤੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਤਿਆਰ ਕੀਤਾ ਲੰਗਰ ਅਤੁੱਟ ਵਰਤਾਇਆ ਗਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋੋ. ਕਮਲਜੀਤ ਕੌਰ ਅਤੇ ਡਾ. ਰਵਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।