ਕੇਂਦਰ ਨੇ ਦਿੱਤੀ ਮਨਜ਼ੂਰੀ, ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ

01/29/2020 9:45:08 PM

ਚੰਡੀਗੜ੍ਹ,(ਅਸ਼ਵਨੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਪਾਸੋਂ ਪ੍ਰਾਪਤ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ, ਜਿਸ 'ਚੋਂ 60 ਫੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵਲੋਂ ਦਿੱਤੇ ਜਾਣੇ ਹਨ ਜਦਕਿ ਬਾਕੀ 40 ਫੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵਲੋਂ ਪਾਇਆ ਜਾਵੇਗਾ।

ਕੰਢੀ ਖੇਤਰ 'ਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ 'ਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ 'ਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ। ਮੁੱਖ ਮੰਤਰੀ ਕੈ. ਅਮਰਿੰਦਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 200 ਬਿਸਤਰਿਆਂ ਦੀ ਸਮਰਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ 'ਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਦੱਸਣਯੋਗ ਹੈ ਕਿ ਸੂਬੇ 'ਚ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ 'ਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਦੋ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਅਤੇ ਕਪੂਰਥਲਾ ਵਿਖੇ ਸਥਾਪਤ ਕੀਤੇ ਜਾ ਰਹੇ ਹਨ ਜਦਕਿ ਛੇਵੇਂ ਮੈਡੀਕਲ ਕਾਲਜ ਦੀ ਸਥਾਪਨਾ ਹੁਸ਼ਿਆਰਪੁਰ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।


Related News