ਜਿੰਪਾ ਵੱਲੋਂ ਹੁਸ਼ਿਆਰਪੁਰ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਮਹੀਨੇ ਦੇ ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼

Friday, Aug 26, 2022 - 02:36 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਹਰ ਘਰ ਨੂੰ ਟੂਟੀ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਪੁਲਾਂਘ ਪੁੱਟਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀਰਵਾਰ ਹੁਸ਼ਿਆਰਪੁਰ ਸ਼ਹਿਰ ਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਹ ਇਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਸਰਕਾਰੀ ਇਮਾਰਤਾਂ 'ਚ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ

ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਤਾਲਮੇਲ ਨਾਲ ਕੰਮ ਕਰਨ ਲਈ ਆਖਦਿਆਂ ਜਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੈਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੀ ਹਦਾਇਤ ਕੀਤੀ। ਇਹ ਪ੍ਰਸਤਾਵਿਤ ਪ੍ਰਾਜੈਕਟ ਹੁਸ਼ਿਆਰਪੁਰ ਸ਼ਹਿਰ ਅਤੇ ਗੜ੍ਹਸ਼ੰਕਰ ਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ/ਬੀਤ ਖੇਤਰ ਦੇ 350 ਪਿੰਡਾਂ ਨੂੰ ਪੀਣਯੋਗ ਸਤਹੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਚੱਲ ਰਹੇ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਸਬੰਧੀ 15 ਪ੍ਰਾਜੈਕਟਾਂ ਦੇ ਇਨਟੇਕ ਢਾਂਚੇ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਹ 15 ਪ੍ਰਾਜੈਕਟ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਤਲਵਾੜਾ, ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ।

ਇਹ ਵੀ ਪੜ੍ਹੋ : ਸਿੱਖ ਕੌਮ ਨੂੰ ਨਸ਼ਿਆਂ ਨਾਲ ਮੁਕਾਉਣ ਦੀਆਂ ਹੋ ਰਹੀਆਂ ਸਾਜ਼ਿਸ਼ਾਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐੱਸ.ਟੀ.ਪੀਜ਼ ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ 'ਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਵਿਪੁਲ ਉਜਵਲ, ਡਾਇਰੈਕਟਰ ਸਥਾਨਕ ਸਰਕਾਰ ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਵਰਿੰਦਰ ਕੁਮਾਰ ਸ਼ਰਮਾ, ਚੀਫ਼ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੁਲਦੀਪ ਸਿੰਘ ਸੈਣੀ, ਮੁੱਖ ਇੰਜੀਨੀਅਰ (ਹੈੱਡਕੁਆਰਟਰ) ਜਲ ਸਰੋਤ ਈਸ਼ਵਰ ਦਾਸ ਗੋਇਲ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ, 7 ਸਾਲਾਂ ਬਾਅਦ ਵੀ ਭੇਜੇ ਜਾ ਰਹੇ ਸੰਮਨ : ਕੁੰਵਰ ਵਿਜੈ ਪ੍ਰਤਾਪ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News