ਪੰਜਾਬ ''ਚ ਹੈਰੋਇਨ ਦੀ ਵੱਡੀ ਰਿਕਵਰੀ, 250 ਕਰੋੜ ਦੱਸੀ ਜਾ ਰਹੀ ਕੀਮਤ
Saturday, Nov 22, 2025 - 01:56 PM (IST)
ਫਿਰੋਜਪੁਰ (ਕੁਮਾਰ) : ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਚਲਾਈ ਗਈ 'ਨਸ਼ੇ ਵਿਰੁੱਧ ਮੁਹਿੰਮ' ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਇੱਕ ਨਸ਼ਾ ਤਸਕਰ ਨੂੰ ਪਾਕਿਸਤਾਨ ਤੋਂ ਮੰਗਵਾਈ ਗਈ ਕਰੀਬ 50 ਕਿੱਲੋ 14 ਗ੍ਰਾਮ ਹੈਰੋਇਨ ਦੀ ਵੱਡੀ ਖ਼ੇਪ ਸਣੇ ਸਰਹੱਦੀ ਪਿੰਡ ਰਾਓ ਕੇ ਹਿਠਾੜ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਹੈਰੋਇਨ ਦੀ ਡਲਿਵਰੀ ਲੈ ਕੇ ਪੰਜਾਬ ਨੰਬਰ ਦੀ ਕਾਰ 'ਤੇ ਜਾ ਰਿਹਾ ਸੀ।
ਇਹ ਵੀ ਪੜ੍ਹੋ : 25 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਚੰਡੀਗੜ੍ਹ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੂੰ ਇਸ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਟੀਮ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਕਾਰ 'ਚੋਂ 50 ਕਿੱਲੋ 14 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਚੈਨਾਰ ਸ਼ੇਰ ਸਿੰਘ ਤਲਵੰਡੀ ਚੌਧਰੀ. ਜ਼ਿਲ੍ਹਾ ਕਪੂਰਥਲਾ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਅਹਿਮ ਖ਼ਬਰ, ਘਰੇਲੂ ਖ਼ਪਤਕਾਰਾਂ ਨੂੰ ਪਈ ਵੱਡੀ ਪਰੇਸ਼ਾਨੀ
ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਰਿਕਵਰੀ ਨੂੰ ਲੈ ਕੇ ਨਸ਼ਾ ਤਸਕਰ ਖ਼ਿਲਾਫ਼ ਐੱਸ. ਏ. ਐੱਸ. ਨਗਰ ਮੋਹਾਲੀ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਵਲੋਂ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਹੈਰੋਇਨ ਨੂੰ ਮੰਗਵਾਉਣ 'ਚ ਕਿਨ੍ਹਾਂ-ਕਿਨ੍ਹਾਂ ਭਾਰਤੀ ਤਸਕਰਾਂ ਦਾ ਹੱਥ ਹੈ ਅਤੇ ਇਸ ਹੈਰੋਇਨ ਦੀ ਡਲਿਵਰੀ ਕਿੱਥੇ ਦਿੱਤੀ ਜਾਣੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
