ਤਿੰਨ ਪ੍ਰਮੁੱਖ ਕੈਂਸਰ ਹਸਪਤਾਲਾਂ ’ਚ ਸਟਾਫ਼ ਦੀ ਕਮੀ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
Thursday, Jul 24, 2025 - 11:07 AM (IST)
            
            ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਤਿੰਨ ਪ੍ਰਮੁੱਖ ਕੈਂਸਰ ਹਸਪਤਾਲਾਂ ’ਚ ਸਟਾਫ਼ ਦੀ ਭਾਰੀ ਕਮੀ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਅਤੇ ਮੈਂਬਰ ਜਸਟਿਸ ਗੁਰਬੀਰ ਸਿੰਘ ਦੇ ਬੈਂਚ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੈਲਥ ਡਾਇਰੈਕਟਰ ਪੰਜਾਬ ਨੂੰ ਅਗਲੀ ਸੁਣਵਾਈ 3 ਅਕਤੂਬਰ ਤੋਂ ਇੱਕ ਹਫ਼ਤਾ ਪਹਿਲਾਂ ਰਿਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਹੈ।
ਇਸ ਨਾਲ ਸਬੰਧਿਤ ਪਹਿਲਾਂ ਹੀ ਸ਼ਿਕਾਇਤ ਨੰਬਰ 6564/0/2024 ’ਚ ਕਮਿਸ਼ਨ ਨੇ ਸਿਹਤ ਵਿਭਾਗ ਨੂੰ ਚਿਤਾਵਨੀ ਦਿੱਤੀ ਸੀ ਪਰ ਡਾਇਰੈਕਟਰ ਹੈਲਥ ਨੇ ਅਜੇ ਤੱਕ ਰਿਪੋਰਟ ਜਮ੍ਹਾਂ ਨਹੀਂ ਕਰਵਾਈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਜੇ ਸਿਹਤ ਵਿਭਾਗ ਰਿਪੋਰਟ ਪੇਸ਼ ਕਰਨ ’ਚ ਅਸਫ਼ਲ ਰਿਹਾ ਤਾਂ ਹਿਊਮਨ ਰਾਈਟਸ ਐਕਟ ਦੀ ਧਾਰਾ 16 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ 3 ਅਕਤੂਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਸਿਹਤ ਵਿਭਾਗ ਨੂੰ 3 ਅਕਤੂਬਰ ਤੋਂ ਪਹਿਲਾਂ ਰਿਪੋਰਟ ਦੇਣੀ ਹੋਵੇਗੀ ਨਹੀਂ ਤਾਂ ਕਮਿਸ਼ਨ ਕਾਨੂੰਨੀ ਕਾਰਵਾਈ ਕਰੇਗਾ। ਪੰਜਾਬ ਦੇ ਤਿੰਨ ਪ੍ਰਮੁੱਖ ਕੈਂਸਰ ਹਸਪਤਾਲਾਂ ’ਚ ਡਾਕਟਰਾਂ, ਨਰਸਾਂ ਤੇ ਪੈਰਾਮੈਡੀਕਲ ਸਟਾਫ ਦੀ ਭਾਰੀ ਕਮੀ ਕਾਰਨ ਮਰੀਜ਼ਾਂ ਨੂੰ ਇਲਾਜ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 
