ਪਤਨੀ ਤੋਂ ਪਰੇਸ਼ਾਨ ਪਤੀ ਨੇ 2 ਬੱਚਿਆਂ ਸਣੇ ਨਿਗਲਿਆ ਜ਼ਹਿਰ, 1 ਬੱਚੇ ਦੀ ਮੌਤ (ਤਸਵੀਰਾਂ)
Tuesday, Aug 20, 2019 - 07:16 PM (IST)
ਫਰੀਦਕੋਟ (ਜਗਤਾਰ) - ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਹਲਕੇ 'ਚ ਰਹਿਣ ਵਾਲੇ ਇਕ ਵਿਅਕਤੀ ਚਰਨਜੀਤ ਵਲੋਂ ਆਪਣੇ 2 ਬੱਚਿਆਂ ਸਣੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰ ਖਾਣ ਨਾਲ 8 ਸਾਲ ਦੇ ਮਾਸੂਮ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ ਪਰ ਚਰਨਜੀਤ ਅਤੇ ਉਸ ਦੀ 11 ਸਾਲ ਦੀ ਕੁੜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚਰਨਜੀਤ ਦਾ ਆਪਣੀ ਪਤਨੀ ਨਾਲ ਹਮੇਸ਼ਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੁੰਦਾ ਰਹਿੰਦਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਪਹਿਲਾਂ ਆਪਣੇ ਬੱਚਿਆਂ ਨੂੰ ਜ਼ਹਿਰ ਦਿੱਤਾ ਅਤੇ ਫਿਰ ਆਪ ਨਿਗਲ ਲਿਆ।