ਰਾਜਪਾਲ ਦੇ ਨਾਲ ਮੇਰੇ ਸੰਬੰਧ ਚੰਗੇ : ਭਗਵੰਤ ਮਾਨ
Friday, Dec 16, 2022 - 02:36 PM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ’ਚ ਪੰਜਾਬ ਕੇਡਰ ਦੇ ਆਈ. ਪੀ. ਐੱਸ. ਅਧਿਕਾਰੀ ਦੀ ਨਿਯੁਕਤੀ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੁਲਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਉਨ੍ਹਾਂ ਦੇ ਸੰਬੰਧ ਕਾਫੀ ਚੰਗੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਆਈ. ਪੀ. ਐੱਸ. ਅਧਿਕਾਰੀਆਂ ਦਾ ਪੈਨਲ ਭੇਜਣ ਲਈ ਕਿਹਾ ਸੀ, ਜੋ ਸਰਕਾਰ ਨੇ ਹੁਣ ਭੇਜ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ’ਚ ਚੰਡੀਗੜ੍ਹ ’ਚ ਪੰਜਾਬ ਕੇਡਰ ਦੇ ਆਈ. ਪੀ. ਐੱਸ. ਦੇ ਅਧਿਕਾਰੀ ਦੀ ਨਿਯੁਕਤੀ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਹੁਣ ਜ਼ਿਆਦਾ ਬਵਾਲ ਦੇਣ ਦੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਹਰ ਸਾਲ 2100 ਪੁਲਸ ਕਰਮਚਾਰੀਆਂ ਦੀਆਂ ਭਰਤੀਆਂ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਪੁਲਸ ਦੇ ਨਾਲ-ਨਾਲ ਸਾਰੇ ਸਰਕਾਰੀ ਵਿਭਾਗਾਂ ਵਿਚ ਵੀ ਭਰਤੀਆਂ ਦਾ ਕੰਮ ਖੋਲ੍ਹਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਜਿਨ੍ਹਾਂ-ਜਿਨ੍ਹਾਂ ਨੇ ਲੁੱਟਿਆ ਹੈ, ਉਨ੍ਹਾਂ ਕੋਲੋਂ ਪੰਜਾਬ ਸਰਕਾਰ ਪੂਰਾ ਹਿਸਾਬ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਅਜੇ ਉਨ੍ਹਾਂ ਨੂੰ ਸੱਤਾ ’ਚ ਆਏ 8 ਮਹੀਨਿਆ ਦਾ ਸਮਾਂ ਹੋਇਆ ਹੈ ਅਤੇ ਇਸ ਦੌਰਾਨ ਸਰਕਾਰ ਨੇ ਕਈ ਮਹੱਤਵਪੂਰਨ ਫੈਸਲੇ ਜਨਤਾ ਦੇ ਹਿੱਤਾਂ ਵਿਚ ਲਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਚੋਣ ਜਨਤਾ ਨੇ ਕੀਤੀ ਹੈ ਅਤੇ ਸਰਕਾਰ ਦਾ ਹਰੇਕ ਫੈਸਲਾ ਜਨਤਾ ਦੇ ਹਿੱਤਾਂ ਵਿਚ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜਨਤਾ ਦੇ ਰਖਵਾਲੇ ਹਾਂ ਅਤੇ ਪੰਜਾਬ ਵਿਚ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿਚ ਅਮਨ-ਸ਼ਾਂਤੀ ਨੂੰ ਉਨ੍ਹਾਂ ਦੀ ਸਰਕਾਰ ਕਿਸੇ ਵੀ ਹਾਲਤ ਵਿਚ ਭੰਗ ਨਹੀਂ ਹੋਣ ਦੇਵੇਗੀ।