ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਨਹੀਂ ਪਹੁੰਚਾ ਦਿੰਦਾ : CM ਮਾਨ

Tuesday, Jul 05, 2022 - 10:34 PM (IST)

ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਨਹੀਂ ਪਹੁੰਚਾ ਦਿੰਦਾ : CM ਮਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੱਤਾ ਜਾਂਦਾ। ਮੁੱਖ ਮੰਤਰੀ ਮਾਨ ਨੇ ਕਿਹਾ, “ਪੰਜਾਬ ਦੀ ਪਾਵਨ ਧਰਤੀ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਾਡੇ ਸਾਰਿਆਂ ਦੇ ਮੱਥੇ ਉੱਤੇ ਕਲੰਕ ਹੈ। ਇਸ ਘਿਨਾਉਣੀ ਘਟਨਾ ਦਾ ਵਾਪਰ ਜਾਣਾ ਸੋਚ ਤੋਂ ਵੀ ਪਰ੍ਹੇ ਅਤੇ ਨਾਮੁਆਫ਼ੀਯੋਗ ਪਾਪ ਹੈ, ਜਿਸ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਸ਼ਰੇਆਮ ਦਨਦਨਾਉਂਦੇ ਫਿਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਸਿਰਫ ਇਸ ਲਈ ਹੋਇਆ ਕਿਉਂ ਜੋ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸੀ ਮਿਲੀਭੁਗਤ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਦੋਸ਼ੀ ਸਲਾਖਾਂ ਪਿੱਛੇ ਹੋਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ਨਾਲ ਦੋਸ਼ੀ ਸਜ਼ਾ ਤੋਂ ਬਚਦੇ ਆਏ ਹਨ ਪਰ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਰਤਾਰਾ ਬੰਦ ਹੋ ਗਿਆ ਕਿਉਂਕਿ ਉਹ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਦ੍ਰਿੜ੍ਹ ਵਚਨਬੱਧ ਹਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਵਿਜੇ ਕੁਮਾਰ ਜੰਜੂਆ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਭਗਵੰਤ ਮਾਨ ਨੇ ਕਿਹਾ ਕਿ ਕਾਬਲ ਤੋਂ ਕਾਬਲ ਅਧਿਕਾਰੀ ਜਾਂਚ ਦੀ ਅਗਲੇਰੀ ਪੈਰਵੀ ਕਰਨਗੇ ਅਤੇ ਚੰਗੇ ਤੋਂ ਚੰਗੇ ਵਕੀਲ ਅਦਾਲਤ ’ਚ ਕੇਸ ਲੜਨਗੇ ਤਾਂ ਜੋ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ। ਗੈਂਗਸਟਰਵਾਦ ਨੂੰ ਕੌਮੀ ਸਮੱਸਿਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਤਰੇ ਨੂੰ ਰੋਕਣ ਲਈ ਸਾਰੇ ਸੂਬਿਆਂ ਨੂੰ ਆਪਸ ਵਿਚ ਹੱਥ ਮਿਲਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਸਦਕਾ ਹੀ ਇਸ ਸਮੱਸਿਆ ਨੂੰ ਕਾਰਗਰ ਢੰਗ ਨਾਲ ਖ਼ਤਮ ਕਰਨ ’ਚ ਮਦਦ ਮਿਲ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖ਼ਤਰੇ ਨਾਲ ਨਿਪਟਣ ਲਈ ਪਹਿਲਾਂ ਹੀ ਠੋਸ ਰਣਨੀਤੀ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਗਠਿਤ ਗਿਰੋਹ ਦੇ ਖਾਤਮੇ ਲਈ ਸਿਹਰਾ ਆਪਣੇ ਸਿਰ ਲੈਣ ਵਾਲੀ ਕੋਈ ਗੱਲ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਸੂਬਾ ਹੀ ਇਸ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਨੇ ਸੂਬੇ ’ਚ ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਕਾਂਗਰਸ ਅਤੇ ਅਕਾਲੀਆਂ ਦੀ ਵੀ ਕਰੜੀ ਆਲੋਚਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪੋ-ਆਪਣੇ ਸਵਾਰਥਾਂ ਦੀ ਖਾਤਰ ਗੈਂਗਸਟਰਵਾਦ ਦੀ ਪੁਸ਼ਤਪਨਾਹੀ ਕੀਤੀ। ਆਪਣੇ ਸਿਆਸੀ ਜੀਵਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਮੇਰੀ ਤਕਦੀਰ ਸਿਆਸਤ ਵਿਚ ਲੈ ਕੇ ਆਈ ਪਰ ਮੈਂ ਗ਼ਰੀਬ ਤੋਂ ਗ਼ਰੀਬ ਲੋਕਾਂ ਦੀ ਸੇਵਾ ਨੂੰ ਪੂਰਨ ਤੌਰ ਉੱਤੇ ਸਮਰਪਿਤ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੇ ਸੂਬੇ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦਾ ਇਕੋ-ਇਕ ਨਿਸ਼ਾਨਾ ਪੰਜਾਬ ਨੂੰ ਮੁਲਕ ’ਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਭਾਵੇਂ ਨਵੇਂ ਹੋਣ ਪਰ ਸੂਬੇ ਅਤੇ ਇਸ ਦੇ ਲੋਕਾਂ ਲਈ ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਮਰਪਣ ਭਾਵਨਾ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਵਚਨਬੱਧਤਾ ਉਨ੍ਹਾਂ ਨੂੰ ਦੂਜੇ ਸਿਆਸਤਦਾਨਾਂ ਨਾਲੋਂ ਵੱਖਰਾ ਬਣਾਉਂਦੀ ਹੈ, ਜਿਨ੍ਹਾਂ ਨੇ ਸੱਤਾ ਦੀ ਵਰਤੋਂ ਸਿਰਫ਼ ਸੂਬੇ ਦੇ ਖਜ਼ਾਨੇ ਦੀ ਲੁੱਟ ਲਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਹੁਣ ਤਜਰਬੇਕਾਰ ਸਿਆਸਤਦਾਨ ਹੋਣ ਦਾ ਦਾਅਵਾ ਕਰਦੇ ਹਨ, ਉਹ ਇਸ ਖੇਤਰ ਵਿੱਚ ਆਉਣ ਸਮੇਂ ਨਵੇਂ ਹੀ ਸਨ।

 ਇਹ ਖਬਰ ਵੀ ਪੜ੍ਹੋ : ਗੌਰਵ ਯਾਦਵ ਵੱਲੋਂ DGP ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਪੁਲਸ ’ਚ ਵੱਡਾ ਫੇਰਬਦਲ, 334 ਅਫ਼ਸਰਾਂ ਦੇ ਤਬਾਦਲੇ

ਮਾਨ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬੀ ਵੱਡੇ ਕਰਜ਼ੇ ਹੇਠ ਦੱਬੇ ਹੋਏ ਹਨ ਪਰ ਸਿਆਸੀ ਆਗੂ ਉਨ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀਆਂ ਤਨਖਾਹਾਂ ਲਈ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਆਪਣੀਆਂ ਤਨਖ਼ਾਹਾਂ ਦੀ ਚਿੰਤਾ ਨਹੀਂ ਕਰਦੇ, ਸਗੋਂ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੀ ਜ਼ਿਆਦਾ ਚਿੰਤਾ ਹੈ ਜੋ ਹੁਣ ਬੰਦ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਇਸ ਲਈ ਹੁਣ ਜ਼ਿਆਦਾਤਰ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਉਨ੍ਹਾਂ ਦੀਆਂ ਅਸਲ ਤਨਖਾਹਾਂ ਬਾਰੇ ਪਤਾ ਲੱਗ ਗਿਆ ਹੈ ਜੋ ਉਨ੍ਹਾਂ ਨੂੰ ਬਹੁਤ ਘੱਟ ਲੱਗਦੀਆਂ ਹਨ। ਮਾਨ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਇਕ ਪੈਸਾ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਅਜਿਹੇ ਸਾਰੇ ਲੁਟੇਰਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਹੈ ਕਿ ਦੋਸ਼ੀ ਭਾਵੇਂ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ। ਸੂਬੇ ’ਚ ਕੋਈ ਵਿਰੋਧੀ ਧਿਰ ਨਹੀਂ ਹੈ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਲਾਂਭੇ ਕਰ ਦਿੱਤਾ ਹੈ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ 92 ਸੀਟਾਂ ਨਾਲ ਭਾਰੀ ਫਤਵਾ ਦਿੱਤਾ ਹੈ, ਜਿਨ੍ਹਾਂ ’ਚੋਂ 66 ਸੀਟਾਂ ਸਿਰਫ਼ ਮਾਲਵਾ ਖੇਤਰ ਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ’ਚ ਸਾਕਾਰਾਤਮਕ ਬਦਲਾਅ ਲਿਆਉਣ ਲਈ ਵੋਟਾਂ ਪਾਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ, ਇਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਨੇਤਾਵਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਾਲ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸੱਤਾ ਦੀ ਰੱਜ ਕੇ ਦੁਰਵਰਤੋਂ ਕੀਤੀ, ਜਿਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਾਹ ਵਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ’ਚ ਭਰੋਸਾ ਜ਼ਾਹਿਰ ਕੀਤਾ ਹੈ ਅਤੇ ਅਸੀਂ ਹਰ ਕੀਮਤ ਉੱਤੇ ਇਸ ਦੀ ਰਾਖੀ ਕਰਾਂਗੇ।

ਇਹ ਖ਼ਬਰ ਵੀ ਪੜ੍ਹੋ : ਪਿਤਾ ਤੋਂ ਮਿਲੀ ਸੀ ਸਿਆਸਤ ਦੀ ਗੁੜ੍ਹਤੀ, ਦੋ ਵਾਰ ਵਿਧਾਇਕ ਤੇ ਹੁਣ ਕੈਬਨਿਟ ਮੰਤਰੀ ਬਣੇ ਅਮਨ ਅਰੋੜਾ
 


author

Manoj

Content Editor

Related News