ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ
Thursday, May 22, 2025 - 04:36 PM (IST)

ਚੰਡੀਗੜ੍ਹ : ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਪਰਿਵਾਰ ਵਿਚ ਉਹ ਪਿੱਛੇ ਆਪਣੀ ਧਰਮ ਪਤਨੀ ਦਾ ਡਾ. ਗੁਰਸ਼ਰਨ ਕੌਰ ਜੱਗੀ (ਸੇਵਾ ਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ), ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾ ਮੁਕਤ ਆਈ.ਏ.ਐਸ.) ਛੱਡ ਗਏ ਹਨ। ਡਾ. ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ਵਿਚ ਸ਼ੁਮਾਰ ਹੈ। ਉਨ੍ਹਾਂ 150 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ, ਸਾਹਿਤ ਅਕਾਦਮੀ ਨੇ ਕੌਮੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ। ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਯੁਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਆਨਰੇਰੀ ਡੀ. ਲਿਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਿਆਨ ਰਤਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਠ ਵਾਰ ਪਹਿਲਾ ਪੁਰਸਕਾਰ ਹਾਸਲ ਕਰਨ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ, ਵਿੱਦਿਅਕ, ਸਾਹਿਤਕ ਤੇ ਧਾਰਮਿਕ ਸੰਸਥਾਵਾਂ, ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵੀ ਸਨਮਾਨ ਮਿਲੇ।
ਡਾ. ਜੱਗੀ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ, ਲਿਖਣ ਅਤੇ ਆਲੋਚਨਾਤਮਕ ਵਿਸ਼ਲੇਸ਼ਣ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਅਤੇ ਭਗਤੀ ਲਹਿਰ ਸਬੰਧੀ ਵੱਖ-ਵੱਖ ਪਹਿਲੂਆਂ ਦੀ ਖੋਜ ਕਰਨ ਲਈ (ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿਚ) ਸਮਰਪਿਤ ਕੀਤਾ। ਡਾ. ਜੱਗੀ ਦਾ ਜਨਮ 27 ਜੁਲਾਈ 1927 ਨੂੰ ਹੋਇਆ। ਉਨ੍ਹਾਂ ਛੇ ਦਹਾਕੇ ਤੋਂ ਵੱਧ ਸਮਾਂ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ। ਉਨ੍ਹਾਂ 1962 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ "ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ" ਵਿਸ਼ੇ 'ਤੇ ਪੀਐੱਚ.ਡੀ. ਕੀਤੀ। 1973 ਵਿਚ ਮਗਧ ਯੂਨੀਵਰਸਿਟੀ, ਬੋਧਗਯਾ ਤੋਂ ਹਿੰਦੀ ਵਿਚ "ਸ੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ" ਵਿਸ਼ੇ ‘ਤੇ ਡੀ.ਲਿਟ. ਦੀ ਡਿਗਰੀ ਹਾਸਲ ਕੀਤੀ। ਉਹ 1987 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾਮੁਕਤ ਹੋਏ। ਉਹ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਦੀ ਗੂੜ੍ਹੀ ਸੂਝ ਤੇ ਮੁਹਾਰਤ ਰੱਖਣ ਵਾਲੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਕਿਤਾਬਾਂ, ਟੀਕਾਕਾਰੀ ਅਤੇ ਵਿਸ਼ਵਕੋਸ਼ ਵਰਗੀਆਂ ਬੇਮਿਸਾਲ ਰਚਨਾਵਾਂ ਨਾਲ ਸਾਹਿਤ ਦੇ ਖੇਤਰ ਵਿਚ ਸ਼ਾਨਦਾਰ ਵਿਆਪਕ ਅਤੇ ਗਿਆਨ ਭਰਪੂਰ ਯੋਗਦਾਨ ਪਾਇਆ।
ਸਾਹਿਤਕ ਖੇਤਰ ਵਿਚ ਡਾ. ਜੱਗੀ ਵੱਲੋਂ ਕੀਤੇ ਵੱਡੇ ਕਾਰਜਾਂ ਵਿਚ ਉਨ੍ਹਾਂ ਪੰਜ ਜਿਲਦਾਂ ਵਿਚ "ਦਸਮ ਗ੍ਰੰਥ ਦਾ ਟੀਕਾ" ਪੇਸ਼ ਕੀਤਾ। ਬਾਅਦ ਵਿਚ ਹਿੰਦੀ ਵਿਚ ਵੀ ਪੰਜ ਜਿਲਦਾਂ ਵਿਚ “ਦਸ਼ਮ ਗ੍ਰੰਥ ਦਾ ਟੀਕਾ” ਪੇਸ਼ ਕੀਤਾ। "ਪੰਜਾਬੀ ਸਾਹਿਤ ਸੰਦਰਭ ਕੋਸ਼", "ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ" ਤੇ "ਗੁਰੂ ਗ੍ਰੰਥ ਵਿਸ਼ਵਕੋਸ਼" ਦਾ ਸੰਕਲਨ ਕੀਤਾ ਜਿਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ। ਡਾ. ਜੱਗੀ ਨੇ 8 ਜਿਲਦਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਿਆਪਕ ਟੀਕਾ "ਭਾਵ ਪ੍ਰਬੋਧਨੀ ਟੀਕਾ-ਸ੍ਰੀ ਗੁਰੂ ਗ੍ਰੰਥ ਸਾਹਿਬ" ਤਿਆਰ ਕਰਕੇ ਸਿੱਖ ਧਰਮ ਲਈ ਵੱਡੀ ਸੇਵਾ ਨਿਭਾਈ। ਇਸ ਟੀਕੇ ਦੀਆਂ ਪੰਜ ਜਿਲਦਾਂ ਨੂੰ ਹਿੰਦੀ ਵਿੱਚ ਵੀ ਪ੍ਰਕਾਸ਼ਿਤ ਕੀਤਾ।
ਉਨ੍ਹਾਂ “ਸਿੱਖ ਪੰਥ ਵਿਸ਼ਵਕੋਸ਼" ਤੇ “ਅਰਥਬੋਧ ਸ੍ਰੀ ਗੁਰੂ ਗ੍ਰੰਥ ਸਾਹਿਬ" ਸਿਰਲੇਖ ਵਾਲੀ ਰਚਨਾ ਤਿਆਰ ਕੀਤੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੰਜ ਜਿਲਦਾਂ ਵਿਚ ਉਪ-ਟੀਕਾ ਸ਼ਾਮਲ ਹੈ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਰਚਿਤ ਪੁਸਤਕ "ਗੁਰੂ ਨਾਨਕ ਬਾਣੀ: ਪਾਠ ਅਤੇ ਵਿਆਖਿਆ" ਨੂੰ ਪੰਜਾਬੀ ਅਤੇ ਹਿੰਦੀ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਉਨ੍ਹਾਂ ਗੁਰੂ ਨਾਨਕ ਬਾਣੀ ਤੇ ਅਧਾਰਿਤ ਪਹਿਲੀ ਰਚਨਾ "ਗੁਰੂ ਨਾਨਕ : ਜੀਵਨੀ ਅਤੇ ਵਿਅਕਤੀਤਵ" ਅਤੇ ਦੂਜੀ ਪੁਸਤਕ "ਗੁਰੂ ਨਾਨਕ ਦੀ ਵਿਚਾਰਧਾਰਾ" ਵੀ ਪ੍ਰਕਾਸ਼ਿਤ ਕੀਤੀ। ਪਵਿੱਤਰ ਗ੍ਰੰਥ "ਤੁਲਸੀ ਰਾਮਾਇਣ" (ਰਾਮ ਚਰਿਤ ਮਾਨਸ) ਦਾ ਪੰਜਾਬੀ ਵਿਚ ਲਿਪੀਅੰਤਰਨ ਅਤੇ ਅਨੁਵਾਦ ਕਰਨ ਦਾ ਵੀ ਵੱਡਮੁੱਲਾ ਕਾਰਜ ਨਿਭਾਇਆ ਜੋ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਕਿਤਾਬ ਨੂੰ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਡਾ. ਜੱਗੀ ਨੂੰ ਮਿਲੇ ਮਾਣ-ਸਨਮਾਨ ਤੇ ਪੁਰਸਕਾਰਾਂ ਵਿਚ ਸਾਲ 2023 ਵਿਚ ਭਾਰਤ ਸਰਕਾਰ ਵੱਲੋਂ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ “ਪਦਮ ਸ਼੍ਰੀ” ਸਨਮਾਨ ਨਾਲ ਨਿਵਾਜਿਆ ਗਿਆ। 1989 ਵਿਚ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ, ਸਾਲ 1996 ਵਿਚ ਪੰਜਾਬ ਸਰਕਾਰ ਵੱਲੋਂ "ਪੰਜਾਬੀ ਸਾਹਿਤ ਸ਼੍ਰੋਮਣੀ" ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਪੁਸਤਕਾਂ ਨੂੰ ਅੱਠ ਵਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਹਿਲਾ ਇਨਾਮ ਹਾਸਲ ਹੋਇਆ। ਹਰਿਆਣਾ ਸਰਕਾਰ ਨੇ 1968 ਵਿਚ ਉਨ੍ਹਾਂ ਦੀ ਪੁਸਤਕ ਲਈ ਪਹਿਲੇ ਇਨਾਮ ਨਾਲ ਸਨਮਾਨਿਤ ਕੀਤਾ। ਪੰਜਾਬੀ ਅਕਾਦਮੀ ਦਿੱਲੀ ਨੇ ਸਾਲ 2010 ਵਿਚ ਉਨ੍ਹਾਂ ਨੂੰ "ਪਰਮ ਸਾਹਿਤ ਸਤਿਕਾਰ ਸਨਮਾਨ" ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਸਾਲ 1996 ਵਿਚ "ਸੌਹਰਦ ਸਨਮਾਨ" ਨਾਲ ਸਨਮਾਨਿਤ ਕੀਤਾ। ਸਾਲ 2012 ਵਿਚ ਪੰਜਾਬੀ ਯੂਨੀਵਰਸਿਟੀ ਵੱਲੋਂ ਲਾਈਫ ਫੈਲੋਸ਼ਿਪ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਫੈਲੋਸ਼ਿਪ ਪ੍ਰਾਪਤ ਕਰਨ ਦਾ ਮਾਣ ਮਿਲਿਆ।