ਅੱਧੀ ਰਾਤੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪਿੰਡ ਵਾਲਿਆਂ ਨੇ ਘੇਰੇ, ਮੌਕੇ ''ਤੇ ਪੁੱਜੀ ਪੁਲਸ
Wednesday, Nov 05, 2025 - 02:55 PM (IST)
ਮਾਛੀਵਾੜਾ ਸਾਹਿਬ (ਟੱਕਰ) : ਪਿੰਡ ਦੋਪਾਣਾ ਵਿਖੇ ਸਤਲੁਜ ਦਰਿਆ 'ਚ ਅੱਧੀ ਰਾਤ ਨੂੰ ਜਦੋਂ ਨਾਜਾਇਜ਼ ਮਾਈਨਿੰਗ ਸ਼ੁਰੂ ਹੋਈ ਤਾਂ ਪਿੰਡ ਵਾਸੀਆਂ ਨੇ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੂੰ ਘੇਰ ਲਿਆ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਾਛੀਵਾੜਾ ਖਾਮ ਦੇ ਵਾਸੀ ਦਵਿੰਦਰ ਸਿੰਘ ਤੇ ਹੋਰ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੱਧੀ ਰਾਤ ਨੂੰ ਨੇੜ੍ਹੇ ਹੀ ਵਗਦੇ ਸਤਲੁਜ ਦਰਿਆ ’ਚੋਂ ਰੇਤ ਮਾਫ਼ੀਆ ਮਸ਼ੀਨਾਂ ਅਤੇ ਹੋਰ ਵਾਹਨਾਂ ਰਾਹੀਂ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਪਿੰਡ ਵਾਸੀਆਂ ਨੇ ਰੇਤ ਮਾਫ਼ੀਆ ਨੂੰ ਇਕੱਠੇ ਹੋ ਕੇ ਘੇਰ ਲਿਆ ਅਤੇ ਨਾਜਾਇਜ਼ ਮਾਈਨਿੰਗ ਤੁਰੰਤ ਬੰਦ ਕਰਨ ਲਈ ਕਿਹਾ। ਦਵਿੰਦਰ ਸਿੰਘ ਨੇ ਦੱਸਿਆ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਅਤੇ ਧੱਕਾ-ਮੁੱਕੀ ਵੀ ਕੀਤੀ ਗਈ, ਜਿਸ ’ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਅੱਧੀ ਰਾਤ ਨੂੰ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਣ ’ਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪਿੰਡ ਵਾਸੀਆਂ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕੁੱਝ ਵਿਅਕਤੀ ਅਤੇ ਉਨ੍ਹਾਂ ਦੀ ਮਸ਼ੀਨ ਅਤੇ ਵਾਹਨ ਪੁਲਸ ਦੇ ਸਪੁਰਦ ਕਰ ਦਿੱਤੇ ਗਏ। ਪਿੰਡ ਵਾਸੀਆਂ ਨੇ ਦੱਸਿਆ ਕਿ ਸਤਲੁਜ ਦਰਿਆ ’ਚੋਂ ਨਾਜਾਇਜ਼ ਮਾਈਨਿੰਗ ਹੋਣ ਦਾ ਖਾਮਿਆਜ਼ਾ ਉਹ ਪਹਿਲਾਂ ਹੀ ਭੁਗਤ ਚੁੱਕੇ ਹਨ ਕਿਉਂਕਿ ਹੜ੍ਹਾਂ ਦੌਰਾਨ ਪਹਿਲਾਂ ਹੀ ਕਮਜ਼ੋਰ ਧੁੱਸੀ ਬੰਨ੍ਹ ਨੂੰ ਪਾੜ ਪੈਣ ਲੱਗ ਗਿਆ ਸੀ ਅਤੇ ਜੇਕਰ ਹੁਣ ਮਾਈਨਿੰਗ ਹੋਈ ਤਾਂ ਬੰਨ੍ਹ ਟੁੱਟ ਜਾਵੇਗਾ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੁਲਸ ਪ੍ਰਸ਼ਾਸਨ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਵਾਹਨ ਕਬਜ਼ੇ ਵਿਚ ਕਰ ਲਏ ਗਏ ਹਨ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
