ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ਼ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ
Tuesday, Mar 22, 2022 - 08:22 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ, ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਪਤਵੰਤੇ ਮੌਜੂਦ ਸਨ। ਸ. ਭੁੱਲਰ ਨੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।
ਇਹ ਵੀ ਪੜ੍ਹੋ : 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਸਿੰਗਲਾ
ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਨਾਲ ਸਬੰਧਿਤ ਅਤੇ ਖੇਤੀਬਾੜੀ ਕਿੱਤੇ ਨਾਲ ਜੁੜੇ ਭੁੱਲਰ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸਿਸਟਮ ਭ੍ਰਿਸ਼ਟ ਹੋ ਚੁੱਕਾ ਹੈ। ਇਨ੍ਹਾਂ ਖ਼ਾਮੀਆਂ ਨੂੰ ਲੱਭ ਕੇ ਪੀ. ਆਰ. ਟੀ. ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਮੁੜ-ਸੁਰਜੀਤ ਕੀਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਕ ਪਰਮਿਟ 'ਤੇ ਕਈ-ਕਈ ਨਾਜਾਇਜ਼ ਬੱਸਾਂ ਚਲਾਉਣ ਅਤੇ 40 ਕਿਲੋਮੀਟਰ ਦੇ ਰੂਟ ਪਰਮਿਟ 'ਚ 250 ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ 'ਚ ਜਾਰੀ ਕੀਤੇ ਗਏ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਲਾਲ ਚੰਦ ਕਟਾਰੂਚੱਕ
ਮੰਤਰੀ ਨੇ ਕਿਹਾ, "ਅੱਜ ਮੈਂ ਅਹੁਦਾ ਸਾਂਭਣ ਦੇ ਨਾਲ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਕੋਈ ਇਕ ਫ਼ੀਸਦੀ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਕਾਰਨ ਬਦਨਾਮ ਹੋ ਚੁੱਕੇ ਵਿਭਾਗ ਨੂੰ ਸੁਧਾਰਨ ਲਈ 99 ਫ਼ੀਸਦੀ ਈਮਾਨਦਾਰ ਅਤੇ ਮਿਹਨਤਕਸ਼ ਅਧਿਕਾਰੀ ਤੇ ਮੁਲਾਜ਼ਮ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।" ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਭੁੱਲਰ ਨੇ ਕਿਹਾ ਕਿ ਲੋਕਾਂ ਲਈ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ, ਉਥੇ ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਉਨ੍ਹਾਂ ਵਿੱਚ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼ : ਕਮਜ਼ੋਰ ਜਲ ਨੀਤੀ ਕਾਰਨ ਖ਼ਤਰੇ ਦੀ ਦਹਿਲੀਜ਼ 'ਤੇ ਪਹੁੰਚਿਆ 'ਜੀਵਨ'
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ 'ਆਪ' ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚੱਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ ਤੇ ਉਸ ਇਕ-ਇਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਸੀਲਿਆਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ। ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਐੱਸ. ਟੀ. ਸੀ. ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐੱਮ. ਡੀ. ਪਨਬੱਸ ਸ਼੍ਰੀਮਤੀ ਅਮਨਦੀਪ ਕੌਰ, ਐੱਮ. ਡੀ. ਪੀ. ਆਰ. ਟੀ. ਸੀ. ਸ਼੍ਰੀਮਤੀ ਪਰਨੀਤ ਸ਼ੇਰਗਿੱਲ ਆਦਿ ਹਾਜ਼ਰ ਸਨ।