ਨਜਾਇਜ਼ ਮਾਈਨਿੰਗ ’ਤੇ ਵੱਡੀ ਕਾਰਵਾਈ, 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ
Friday, Mar 10, 2023 - 06:19 PM (IST)
ਰੂਪਨਗਰ (ਵਿਜੇ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਨੇ ਵੀਰਵਾਰ ਦੇਰ ਰਾਤ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਸਵਾ ਨਦੀ ‘ਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਕਸੀਅਨ ਮਾਈਨਿੰਗ ਰੁਪਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਮਾਈਨਿੰਗ ਵਿਭਾਗ ਅਤੇ ਪੁਲਸ ਵਿਭਾਗ ਨੇ ਸਾਂਝੇ ਤੌਰ ’ਤੇ ਇਹ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿਚ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਇਹ ਗੰਭੀਰ ਮਾਮਲਾ ਡਿਪਟੀ ਕਮਿਸਨਰ ਡਾ. ਪ੍ਰੀਤੀ ਯਾਦਵ ਅਤੇ ਐੱਸ. ਐੱਸ. ਪੀ. ਵਿਵੇਕ ਐੱਸ. ਸੋਨੀ ਦੇ ਧਿਆਨ ਵਿਚ ਲਿਆਂਦਾ ਸੀ।
ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਲਈ ਅਸੀਂ 2 ਨਿੱਜੀ ਵਾਹਨਾਂ ਦੀ ਵਰਤੋਂ ਕੀਤੀ, ਇੱਥੋਂ ਤੱਕ ਕਿ ਪੁਲਸ ਅਧਿਕਾਰੀ ਵੀ ਸਿਵਲ ਡਰੈੱਸ ਵਿਚ ਸਨ। ਐਕਸੀਅਨ ਮਾਈਨਿੰਗ ਨੇ ਦੱਸਿਆ ਕਿ ਲਗਾਤਾਰ ਤਿੰਨ ਦਿਨ ਤੱਕ ਨਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ, ਰਾਤ ਸਮੇਂ ਛਾਪੇਮਾਰੀ ਕਰਕੇ ਪਿੰਡ ਪਲਾਟਾ ਵਿਚ ਨਾਜਾਇਜ਼ ਮਾਈਨਿੰਗ ਕਰਦੇ ਹੋਏ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ। ਐਕਸੀਅਨ ਮਾਈਨਿੰਗ ਨੇ ਦੱਸਿਆ ਕਿ ਸਾਰੇ ਮੁਲਜ਼ਮ ਰਾਤ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ ਪਰ ਉਹ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਬਰਾਮਦ ਕਰਨ ਵਿਚ ਸਫਲ ਹੋ ਗਏ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।