ਸਰਕਾਰੀ ਮੁਲਾਜ਼ਮਾਂ ਨਾਲ ਮਿਲ ਕੇ ਕੀਤਾ ਆਹ ਕਾਂਡ, ਵਿਜੀਲੈਂਸ ਨੇ ਰਾਜਸਥਾਨ ਤੋਂ ਚੁੱਕਿਆ

Saturday, Nov 09, 2024 - 06:46 PM (IST)

ਸਰਕਾਰੀ ਮੁਲਾਜ਼ਮਾਂ ਨਾਲ ਮਿਲ ਕੇ ਕੀਤਾ ਆਹ ਕਾਂਡ, ਵਿਜੀਲੈਂਸ ਨੇ ਰਾਜਸਥਾਨ ਤੋਂ ਚੁੱਕਿਆ

ਫਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜਪੁਰ ਦੇ ਪਿੰਡਾਂ 'ਚ ਸਾਲ 2018-2019 ਦੌਰਾਨ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਮੁਲਾਜ਼ਮਾਂ ਦੀ ਕਥਿਤ ਮਿਲੀ-ਭੁਗਤ ਨਾਲ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮ ਵਿਜ਼ਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ 'ਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ  ਵਿਭਾਗ ਨੇ ਪ੍ਰਾਪਤ ਹੋਈ ਸ਼ਿਕਾਇਤ ਦੇ ਆਧਾਰ 'ਤੇ ਉਕਤ ਮਾਮਲਾ ਦਰਜ ਕੀਤਾ ਹੈ। ਇਸ 'ਚ ਠੇਕੇਦਾਰ ਮਹਾਂਵੀਰ ਸਿੰਘ ਪ੍ਰਾਈਮ ਵਿਜ਼ਨ ਕੰਪਨੀ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ।

ਇਹ ਵੀ ਪੜ੍ਹੋ : ਡੰਮੀ ਸਕੂਲਾਂ 'ਚ ਬੱਚੇ ਪੜ੍ਹਾਉਣ ਵਾਲੇ ਹੋ ਜਾਣ Alert, ਆ ਗਈ ਵੱਡੀ ਖ਼ਬਰ

ਉੁਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਅਧੀਨ ਪੈਂਦੇ ਪਿੰਡ ਟਿੰਡਵਾਂ, ਪਿੰਡ ਰੌਸ਼ਨਸ਼ਾਹ ਵਾਲਾ ਅਤੇ ਪਿੰਡ ਬਹਿਕ ਗੁੱਜਰਾਂ ਦੇ 217 ਕਨਾਲ 01 ਮਰਲਾ ਰਕਬੇ ਵਿੱਚ ਉਕਤ ਠੇਕੇਦਾਰ ਮਹਾਂਵੀਰ ਸਿੰਘ ਵੱਲੋਂ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀ-ਭੁਗਤ ਰਾਹੀਂ ਜ਼ਮੀਨ ਮਾਲਕਾਂ ਨੂੰ ਕਿਹਾ ਗਿਆ ਸੀ ਕਿ ਉਸ ਦੀ ਫਰਮ ਨੂੰ ਪੰਜਾਬ ਸਰਕਾਰ ਵਲੋਂ ਮਾਈਨਿੰਗ ਕਰਨ ਦਾ ਠੇਕਾ ਮਿਲਿਆ ਹੋਇਆ ਹੈ, ਜਿਸ 'ਤੇ ਉਸ ਨੇ ਇਨ੍ਹਾਂ ਪਿੰਡਾਂ 'ਚ ਮਾਈਨਿੰਗ ਕੀਤੀ। ਇਸ ਨਾਲ ਸਰਕਾਰ ਨੂੰ ਕਰੀਬ 4,05,60,785 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਅਤੇ ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੀ ਬਣਦੀ ਰਾਇਲਟੀ ਵੀ ਨਹੀਂ ਦਿੱਤੀ ਗਈ। ਬੁਲਾਰੇ ਮੁਤਾਬਕ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮ ਠੇਕੇਦਾਰ ਮਹਾਂਵੀਰ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਅਤੇ ਜ਼ਮੀਨ ਮਾਲਕਾਂ ਨੂੰ ਰਿਕਵਰੀ ਨੋਟਿਸ ਜਾਰੀ ਕੀਤੇ ਗਏ। 
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਫਿਰੋਜ਼ਪੁਰ 'ਚ ਪੈਂਦੇ ਪਿੰਡਾਂ ਗਿੱਲਾਂਵਾਲਾ, ਆਂਸਲ, ਖਾਨੇ ਕੇ ਅਹਿਲ ਅਤੇ ਖੁਸ਼ਹਾਲ ਸਿੰਘ ਵਾਲਾ 'ਚ ਮਨਜੂਰਸ਼ੁਦਾ ਖੱਡਾਂ ਦੇ ਬਰਾਬਰ ਹੀ ਉਕਤ ਪ੍ਰਾਈਮ ਵਿਜ਼ਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਵਲੋਂ 244 ਕਨਾਲ ਅਤੇ 446 ਕਨਾਲ 13 ਮਰਲੇ ਰਕਬੇ 'ਚ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀ-ਭੁਗਤ ਰਾਹੀਂ ਜ਼ਮੀਨਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਗਈ। ਇਸ ਨਾਲ ਸਰਕਾਰ ਨੂੰ ਕਰੀਬ 31,48,63,994 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

ਉਕਤ ਕੰਪਨੀ ਵੱਲੋਂ ਇਨ੍ਹਾਂ ਪਿੰਡਾਂ ਦੇ ਜ਼ਮੀਨ ਮਾਲਕਾਂ ਨੂੰ ਵੀ ਬਣਦੀ ਰਾਇਲਟੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਠੇਕੇਦਾਰ ਮਹਾਂਵੀਰ ਸਿੰਘ ਨੇ ਮਾਈਨਿੰਗ ਵਿਭਾਗ ਫਿਰੋਜ਼ਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀ-ਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਕੁੱਲ 35,54,24,779 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਮੇਂ ਦੌਰਾਨ ਇਲਾਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਕਰਵਾਏ ਗਏ ਪਰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਾਈਮ ਵਿਜ਼ਨ ਕੰਪਨੀ ਦੇ ਉਕਤ ਠੇਕੇਦਾਰ ਮਹਾਂਵੀਰ ਸਿੰਘ ਦੇ ਖ਼ਿਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਫਿਰੋਜ਼ਪੁਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ-ਭੁਗਤ ਤੋਂ ਬਿਨਾਂ ਇਲਾਕੇ 'ਚ ਨਾਜਾਇਜ਼ ਮਾਈਨਿੰਗ ਹੋਣੀ ਸੰਭਵ ਨਹੀਂ ਹੈ ਪਰ ਉਕਤ ਠੇਕੇਦਾਰ ਖ਼ਿਲਾਫ਼ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪ੍ਰਾਈਮ ਵਿਜ਼ਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਅਤੇ ਉਸ ਸਮੇ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਸਬੰਧਿਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਲੀ-ਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਾਉਣੀ ਸਾਹਮਣੇ ਆਈ ਹੈ। ਇਸ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਲੋਂ ਉਕਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ। ਮੁਲਜ਼ਮ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News