ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆ ’ਤੇ ਕੱਸਿਅਾ ਸ਼ਿਕੰਜਾ
Friday, Jul 27, 2018 - 12:06 AM (IST)
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ/ਘੁਮਾਣ, (ਵਿਨੋਦ, ਰਮੇਸ਼)- ਅੱਜ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਕਰਮਚਾਰੀਆਂ ਵੱਲੋਂ ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਰਕਾਰੀ ਸਕੂਲ ਸ੍ਰੀ ਹਰਗੋਬਿੰਦਪੁਰ ਦੀ ਦੀਵਾਰ ਦੇ ਨਾਲ ਸਡ਼ਕ ਦੇ ਕੰਢੇ ’ਤੇ ਕੁਝ ਲੋਕਾਂ ਵੱਲੋਂ ਸਰਕਾਰੀ ਥਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ, ਜਿਨ੍ਹਾਂ ਨੂੰ ਅੱਜ ਨਗਰ ਕੌਂਸਲ ਵੱਲੋਂ ਹਟਾਉਣ ਦਾ ਕੰਮ ਅਾਰੰਭ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਨੇ ਦੱਸਿਆ ਹੈ ਕਿ ਸ੍ਰੀ ਹਰਗੋਬਿੰਦਪੁਰ ਵਿਚ ਜਿਨ੍ਹਾਂ ਵਿਅਕਤੀਆਂ ਨੇ ਨਗਰ ਕੌਂਸਲ ਦੀਆਂ ਥਾਵਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਖਾਲੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਹੱਦ ਵਿਚ ਜਿਨ੍ਹਾਂ ਵਿਅਕਤੀਆਂ ਨੇ ਕਮੇਟੀ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਖਾਲੀ ਕਰ ਦੇਣ ਨਹੀਂ ਤਾਂ ਉਹ ਆਪਣੇ ਨੁਕਸਾਨ ਦੇ ਖੁਦ ਜ਼ਿੰਮੇਵਾਰ ਹੋਣਗੇ।
ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿਚ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਜਤਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਦੇ ਸਹਿਯੋਗ ਨਾਲ ਕਮੇਟੀ ਦੇ ਕਰਮਚਾਰੀਆਂ ਨੂੰ ਸਹਿਯੋਗ ਦਿੱਤਾ ਅਤੇ ਇਸ ਦੌਰਾਨ ਸਡ਼ਕ ’ਤੇ ਕੰਢੇ ਤੇ ਸਕੂਲ ਦੀ ਦੀਵਾਰ ਦੇ ਨਾਲ ਲੱਗੇ ਖੋਖਿਆਂ ਨੂੰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿਚ ਕੀਤਾ।
