ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
Saturday, Oct 17, 2026 - 12:28 PM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ 'ਚ ਅਮਨ, ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ 'ਚ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਸ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਸ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਨੂੰ ਭੰਗ ਕਰਨ ਵਾਲੇ ਜਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਹੁੜਦੰਗਬਾਜ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਵੇਦਨਸ਼ੀਲ ਮਾਮਲੇ 'ਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਥਿਤੀ ਨੂੰ ਸਪੱਸ਼ਟ ਕਰਦਿਆਂ ਡੀ. ਆਈ. ਜੀ. ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਪਰਿਵਾਰਿਕ ਮੈਂਬਰਾਂ ਦੀ ਮਰਜ਼ੀ ਤੋਂ ਬਿਨਾਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਕਦਮ 'ਤੇ ਪਰਿਵਾਰ ਦੇ ਨਾਲ ਖੜ੍ਹਾ ਹੈ। ਪੁਲਸ ਪ੍ਰਸ਼ਾਸਨ ਨੇ ਗੈਰ-ਸਮਾਜਿਕ ਤੱਤਾਂ ਨੂੰ ਤਾੜਨਾ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਾਨੂੰਨ ਆਪਣੇ ਤਰੀਕੇ ਨਾਲ ਸਖ਼ਤੀ ਨਾਲ ਨਜਿੱਠੇਗਾ। ਜ਼ਿਲ੍ਹੇ 'ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਦੇ ਮਕਸਦ ਤਹਿਤ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ. ਐੱਸ. ਪੀ. ਵੈਭਵ ਚੌਧਰੀ ਵੱਲੋਂ ਅੱਜ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਦੇ ਨਾਲ-ਨਾਲ ਇਨਸਾਫ਼ ਕਮੇਟੀ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ
ਇਸ ਮੌਕੇ ਡੀ. ਆਈ. ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਇਨਸਾਫ ਕਮੇਟੀ ਵੱਲੋਂ ਅਨੁਸਾਸ਼ਨਹੀਣ ਪ੍ਰਦਰਸ਼ਨਕਾਰੀਆਂ 'ਤੇ ਕਾਨੂੰਨੀ ਕਾਰਵਾਈ ਕਰਨ ਦਾ ਮਤਾ ਪਾਇਆ ਗਿਆ ਹੈ। ਇਨਸਾਫ ਕਮੇਟੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਜੋ ਸ਼ਰਾਰਤੀ ਅਨਸਰ ਕਾਨੂੰਨ ਅਤੇ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕਾਰਵਾਈਆਂ ਕਰ ਰਹੇ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸ਼ਹਿਰ ਅੰਦਰ ਹੋਈਆਂ ਤੋੜ-ਭੰਨ ਅਤੇ ਫਿਰਕਾਪ੍ਰਸਤ ਬਿਆਨ ਦੇ ਕੇ ਡਰਾਉਣ-ਧਮਕਾਉਣ ਵਾਲੀਆਂ ਘਟਨਾਵਾਂ ਦੇ ਮਾਮਲੇ 'ਚ ਪੁਲਸ ਵੱਲੋਂ ਦੋ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨਸਾਫ ਕਮੇਟੀ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ਉਹ ਸ਼ਲਾਘਾ ਕਰਦੇ ਹਨ ਕਿ ਅਜਿਹੇ ਹਾਲਾਤਾਂ 'ਚ ਉਨ੍ਹਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਹੋਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਚ ਆਪਣਾ ਵਿਸ਼ਵਾਸ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸ਼ਰਾਰਤੀ ਅਨਸਰ ਹੁੱਲੜਬਾਜੀ ਕਰਦੇ ਹਨ, ਉਨ੍ਹਾਂ ਨੂੰ ਡਿਟੇਨ ਕਰਕੇ ਉਸੇ ਵਕਤ ਜੇਲ੍ਹ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਦਾ ਵੀ ਜਾਨੀ-ਮਾਲੀ ਨੁਕਸਾਨ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹੁੱਲੜਬਾਦ਼ ਵੱਲੋਂ ਕਿਸੇ ਨੂੰ ਡਰਾਇਆ ਜਾਂ-ਧਮਕਾਇਆ ਜਾਂਦਾ ਹੈ ਜਾਂ ਜਾਨੀ-ਮਾਲੀ ਨੁਕਸਾਨ ਕੀਤਾ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਤੋਂ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਵੈਭਵ ਚੌਧਰੀ ਨੇ ਦੱਸਿਆ ਕਿ ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਬਾਜ਼ਾਰਾਂ 'ਚ ਲੋਕਾਂ ਦੀ ਭੀੜ ਨੂੰ ਵੇਖਦਿਆਂ ਪੁਲਸ ਗਸ਼ਤ 'ਚ ਵੱਡੇ ਪੱਧਰ 'ਤੇ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਬਾਜ਼ਾਰਾਂ 'ਚ ਆਵਾਜਾਈ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਖ਼ਤਾ ਅਤੇ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
