ਪੰਜਾਬ ਦੀ ਸਿਆਸਤ ਤੇ ਸਿੱਖ ਪੰਥ ਲਈ ਅੱਜ ਦਾ ਦਿਨ ਅਹਿਮ, ਇਤਿਹਾਸਕ ਫ਼ੈਸਲਾ ਲੈਣਗੇ ਸਿੰਘ ਸਾਹਿਬਾਨ

Monday, Dec 02, 2024 - 11:04 AM (IST)

ਪੰਜਾਬ ਦੀ ਸਿਆਸਤ ਤੇ ਸਿੱਖ ਪੰਥ ਲਈ ਅੱਜ ਦਾ ਦਿਨ ਅਹਿਮ, ਇਤਿਹਾਸਕ ਫ਼ੈਸਲਾ ਲੈਣਗੇ ਸਿੰਘ ਸਾਹਿਬਾਨ

ਅੰਮ੍ਰਿਤਸਰ (ਵੈੱਬ ਡੈਸਕ): ਅੱਜ ਦਾ ਦਿਨ ਪੰਜਾਬ ਦੀ ਸਿਆਸਤ ਤੇ ਸਿੱਖ ਪੰਥ ਲਈ ਬਹੁਤ ਅਹਿਮ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਅੱਜ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ। ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ’ਚ ਸ਼ਾਮਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਤਨਖ਼ਾਹ ਸੁਣਾਈ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!

ਇਸ ਮੌਕੇ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਵੇ ਇਸ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਪਹਿਲਾਂ ਹੀ ਸਾਰੇ ਆਗੂਆਂ ਨੂੰ ਆਖ਼ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੇਸ਼ ਹੋਣ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਨੇ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਜ਼ਿਕਰਯੋਗ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੀ ਇਕੱਤਰਤਾ ’ਚ ਚਰਚਾ ਤੋਂ ਬਾਅਦ ਸ੍ਰੀ ਅਕਲ ਤਖਤ ਸਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਲਈ ਤਨਖ਼ਾਹੀਆ ਕਰਾਰ ਦਿੱਤਾ ਸੀ। ਉਨ੍ਹਾਂ ’ਤੇ ਦੋਸ਼ ਸਨ ਕਿ ਬਤੌਰ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਦੇ ਤੌਰ ’ਤੇ ਕੁਝ ਅਜਿਹੇ ਫ਼ੈਸਲੇ ਲਏ ਸਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਸੀ। 

ਇਸ ਤੋਂ ਬਾਅਦ ਸੁਖਬੀਰ ਬਾਦਲ ਤਿੰਨ ਮਹੀਨਿਆਂ ਤੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰ ਰਹੇ ਸਨ ਕਿ ਉਨ੍ਹਾਂ ਬਾਰੇ ਛੇਤੀ ਫ਼ੈਸਲਾ ਕੀਤਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਨੇ 25 ਨਵੰਬਰ ਨੂੰ ਐਲਾਨ ਕੀਤਾ ਸੀ ਕਿ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਇਸ ਮਾਮਲੇ ’ਚ ਸੁਖਬੀਰ ਬਾਦਲ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ’ਚ ਉਸ ਵੇਲੇ ਮੰਤਰੀ ਰਹੇ ਆਗੂਆਂ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੇਰਾ ਸਿਰਸਾ ਮੁਖੀ ਨੂੰ 24 ਸਤੰਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦੇਣ ਤੇ 16 ਅਕਤੂਬਰ ਨੂੰ ਮਾਫ਼ੀ ਦਾ ਫੈਸਲਾ ਵਾਪਸ ਲੈਣ ਦੇ ਮਾਮਲੇ ’ਚ ਸ਼ਾਮਲ ਰਹੇ ਪੰਜ ਸਿੰਘ ਸਾਹਿਬਾਨ ’ਚ ਸ਼ਾਮਲ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਵੀ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਹੈ। ਇਸ ਦੇ ਨਾਲ ਹੀ 2015 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਤੇ ਅਕਾਲੀ ਦਲ ਦੀ ਕੋਰ ਕਮੇਟੀ ਦਾ ਹਿੱਸਾ ਰਹੇ ਸਮੂਹ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ। ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਸਮੁੱਚੇ ਸਕੱਤਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ

ਇਨ੍ਹਾਂ ਆਗੂਆਂ ਦੀ ਹੋਵੇਗੀ ਪੇਸ਼ੀ

ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਗਏ ਸਾਬਕਾ ਅਕਾਲੀ ਵਜ਼ੀਰਾਂ ਵਿਚ ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ ਗਾਬੜੀਆ, ਸਵਰਨ ਸਿੰਘ ਫਲੋਰ, ਸੋਹਨ ਸਿੰਘ ਠੰਡਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਮਹੇਸ਼ਇੰਦਰ ਸਿੰਘ ਗਰੇਵਾਲ ਦੇ ਨਾਲ ਰਾਜ ਕੈਬਨਿਟ ਮੰਤਰੀ ਰਹੇ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਸ਼ਾਮਲ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ 2015 ਵਾਲੀ ਕੋਰ ਕਮੇਟੀ ਦੇ 10 ਮੈਂਬਰ - ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਤਲਬ ਕੀਤਾ ਗਿਆ ਹੈ। ਇਸੇ ਤਰ੍ਹਾਂ 2015 ਦੀ ਅੰਤ੍ਰਿੰਗ ਕਮੇਟੀ ਦੇ 13 ਮੈਂਬਰ - ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੋਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਾਬਕਾ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਨਿਰਮੈਲ ਸਿੰਘ ਜੌਲਾਂ ਕਲਾਂ, ਕਰਨੈਲ ਸਿੰਘ ਪੰਜੋਲੀ, ਗੁਰਬਚਨ ਸਿੰਘ ਕਰਮੂੰਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਭਜਨ ਸਿੰਘ ਸ਼ੇਰਗਿਲ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਗੜ੍ਹੀ, ਟੇਕ ਸਿੰਘ ਧਨੋਲਾ ਸ਼ਾਮਲ ਹਨ। ਇਨ੍ਹਾਂ ਵਿਚੋਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਅੰਤ੍ਰਿੰਗ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News